ਭਾਈ ਮਹਿਤਾ ਨੇ ਆਪਣੀ ਬੇਟੀ ਵੱਲੋਂ 21 ਹਜ਼ਾਰ ਰੁਪਏ ਸੇਵਾ ਲਈ ਦਿੱਤੇ

ਅੰਮ੍ਰਿਤਸਰ, 11 ਮਈ- ਖ਼ਾਲਸਾ ਪ੍ਰਚਾਰਕ ਜਥਾ ਯੂ. ਕੇ. ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇਕ ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਰਾਹੀਂ ਇਸ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਿਆ। ਡਾ. ਰੂਪ ਸਿੰਘ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਜਿਥੇ ਕਥਾ ਰਾਹੀਂ ਦੇਸ਼ ਵਿਦੇਸ਼ ਦੀ ਸੰਗਤ ਨੂੰ ਗੁਰਮਤਿ ਨਾਲ ਜੋੜ ਰਹੇ ਹਨ, ਉਥੇ ਹੀ ਖਾਲਸਾ ਪ੍ਰਚਾਰਕ ਜਥਾ ਯੂ. ਕੇ. ਦੇ ਮੈਂਬਰਾਂ ਦੇ ਸਹਿਯੋਗ ਨਾਲ ਮਨੁੱਖਤਾ ਦੀ ਸੇਵਾ ਲਈ ਵੀ ਤੱਤਪਰ ਰਹਿੰਦੇ ਹਨ। ਉਨ੍ਹਾਂ ਭਾਈ ਗੁਲਸ਼ਨ ਅਤੇ ਪ੍ਰਚਾਰਕ ਜਥੇ ਦੇ ਮੈਂਬਰਾਂ ਦਾ ਮਾਇਆ ਭੇਜਣ ਲਈ ਧੰਨਵਾਦ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਸ. ਕਰਨੈਲ ਸਿੰਘ ਨਾਭਾ ਮੌਜੂਦ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਵੀ ਆਪਣੀ ਬੇਟੀ ਮਨਪ੍ਰੀਤ ਕੌਰ ਵੱਲੋਂ 21 ਹਜ਼ਾਰ ਰੁਪਏ ਦੀ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ। ਇਸ ਤੋਂ ਇਲਾਵਾ ਅੱਜ ਵੀ ਰੋਜ਼ਾਨਾ ਦੀ ਤਰ੍ਹਾਂ ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਅਤੇ ਰਸਦਾਂ ਭੇਟ ਕੀਤੀਆਂ ਗਈਆਂ।