ਅੰਮ੍ਰਿਤਸਰ, 12 ਅਪ੍ਰੈਲ- ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਜਥਾ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ ਸ਼ਰਧਾਲੂਆਂ ਦੇ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ ਨੇ ਜਥੇ ਦੇ ਲੀਡਰ ਸ. ਗੁਰਮੀਤ ਸਿੰਘ ਬੂਹ ਅਤੇ ਜਨਰਲ ਪ੍ਰਬੰਧਕ ਵਜੋਂ ਸ. ਕਰਨਜੀਤ ਸਿੰਘ ਇੰਚਾਰਜ ਯਾਤਰਾ ਵਿਭਾਗ ਨੂੰ ਸਿਰੋਪਾਓ ਦਿੱਤੇ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਲੀਡਰ ਸ. ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਇਤਿਹਾਸਕ ਤੇ ਧਾਰਮਿਕ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ ਅਤੇ ਹਰ ਸਿੱਖ ਰੋਜ਼ਾਨਾ ਅਰਦਾਸ ਵਿਚ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਲੋਚਾ ਕਰਦਾ ਹੈ। ਸ. ਬੂਹ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪੀ ਗਈ ਹੈ ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਖ਼ਾਲਸਾ ਦਾ ਸਾਜਣਾ ਦਿਵਸ ਵਿਸਾਖੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ੭੫੮ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ੭੧੭ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ ੪੧ ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵੀਜ਼ੇ ਨਾ ਮਿਲਣ ‘ਤੇ ਸੰਗਤਾਂ ਦੀਆਂ ਭਾਵਨਾਵਾਂ ਟੁੱਟਦੀਆਂ ਹਨ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਇਆ ਕਰਨ ਤਾਂ ਜੋ ਉਹ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਜਥੇ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ੨ ਹਜ਼ੂਰੀ ਜਥਿਆਂ ਤੋਂ ਇਲਾਵਾ ਪੰਜ ਪਿਆਰੇ ਸਾਹਿਬਾਨ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਥੇ ਹੋਣ ਵਾਲੇ ਅੰਮ੍ਰਿਤ ਸੰਚਾਰ ਸਮਾਗਮ ਲਈ ਕਕਾਰ ਵੀ ਭੇਜੇ ਗਏ ਹਨ। ਇਸ ਤੋਂ ਇਲਾਵਾ ਨਿਸ਼ਾਨ ਸਾਹਿਬ ਲਈ ਚੋਲੇ, ਪਾਵਨ ਗੁਟਕਾ ਸਾਹਿਬ ਅਤੇ ਵੱਡੀ ਗਿਣਤੀ ਵਿਚ ਹੋਰ ਧਾਰਮਿਕ ਸਾਹਿਤ ਵੀ ਪਾਕਿਸਤਾਨ ਭੇਜਿਆ ਗਿਆ ਹੈ ।
ਸ. ਮਨਜੀਤ ਸਿੰਘ ਨੇ ਜਥੇ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਕਿ ੧੪ ਅਪ੍ਰੈਲ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣਗੇ ਅਤੇ ਇਸ ਤੋਂ ਇਲਾਵਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ, ਗੁਰਦੁਆਰਾ ਡੇਹਰਾ ਸਾਹਿਬ ਲਾਹੋਰ, ਗੁਰਦੁਆਰਾ ਰੌੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ੨੧ ਅਪ੍ਰੈਲ ਨੂੰ ਜਥਾ ਅਟਾਰੀ ਸਰਹੱਦ ਰਾਹੀਂ ਵਾਪਸ ਦੇਸ਼ ਪਰਤੇਗਾ।
ਜਥਾ ਰਵਾਨਾ ਕਰਨ ਸਮੇਂ ਸਕੱਤਰ ਸ. ਮਨਜੀਤ ਸਿੰਘ ਬਾਠ ਤੋਂ ਇਲਾਵਾ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।