ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 9 ਅਪ੍ਰੈਲ 2017 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ‘ਸਿੱਖ ਦਿਵਸ’ ਵਜੋਂ ਸਮੁੱਚੇ ਦੇਸ਼ ਅੰਦਰ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਹਾਲ ਹੀ ਵਿਚ ਅਮਰੀਕਾ ਅੰਦਰ ਵਿਸਾਖੀ ਨੂੰ ‘ਸਿੱਖਾਂ ਦੇ ਧਾਰਮਿਕ ਤਿਉਹਾਰ’ ਵਜੋਂ ਮਾਨਤਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਹੈ ਕਿ ਭਾਰਤ ਵਿਚ ਵੀ ਵਿਸਾਖੀ ਦਿਹਾੜੇ ਨੂੰ ‘ਸਿੱਖ ਦਿਵਸ’ ਦੇ ਤੌਰ ‘ਤੇ ਹੀ ਮਨਾਇਆ ਜਾਵੇ। 

ਇਤਿਹਾਸ ਦਾ ਹਵਾਲਾ ਦਿੰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਨ 1699 ਦੀ ਵਿਸਾਖੀ ਮੌਕੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਨਾ ਸਮੇਂ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦਾ ਖਿਤਾਬ ਦਿੱਤਾ। ਉਨ੍ਹਾਂ ਆਖਿਆ ਕਿ ਖਾਲਸਾ ਸਾਜਨਾ ਦਾ ਮੰਤਵ ਜਾਤ-ਪਾਤ ਅਤੇ ਊਚ-ਨੀਚ ਦੀ ਭਾਵਨਾ ਦਾ ਮੁਕੰਮਲ ਖਾਤਮਾ ਕਰ ਕੇ ਮਨੁੱਖੀ ਬਰਾਬਰਤਾ ਦਾ ਸੰਦੇਸ਼ ਫੈਲਾਉਣਾ ਸੀ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਰਾਸ਼ਟਰਵਾਦ ਦੀ ਮੂਲ ਭਾਵਨਾ ਵੀ ਮਨੁੱਖੀ ਏਕਤਾ ਅਤੇ ਬਰਾਬਰਤਾ ਹੀ ਮੰਨੀ ਜਾ ਸਕਦੀ ਹੈ, ਜੋ ਖਾਲਸਾ ਸਿਰਜਣਾ ਦਾ ਮੁੱਖ ਆਧਾਰ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸਿੱਖਾਂ ਵੱਲੋਂ ਦੇਸ਼ ਲਈ ਪਾਏ ਯੋਗਦਾਨ ਦਾ ਜ਼ਿਕਰ ਵੀ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸਿੱਖ ਹਮੇਸ਼ਾ ਜ਼ੁਲਮ ਅਤੇ ਅਨਿਆਂ ਵਿਰੁੱਧ ਸੰਘਰਸ਼ਸ਼ੀਲ ਰਹੇ ਹਨ ਅਤੇ ਦੇਸ਼ ਦੀ ਆਜ਼ਾਦੀ ਲਈ ਵੀ ਇਨ੍ਹਾਂ ਦੀ ਵਿਸ਼ੇਸ਼ ਭੂਮਿਕਾ ਹੈ। ਇਸ ਲਈ ਵਿਸਾਖੀ ਨੂੰ ਸਿੱਖ ਦਿਵਸ ਵਜੋਂ ਮਾਨਤਾ ਦਿੱਤੀ ਜਾਵੇ ਤਾਂ ਜੋ ਦੇਸ਼ ਅੰਦਰ ਭਰਾਤਰੀ ਭਾਵ ਨੂੰ ਹੋਰ ਬਲ ਮਿਲ ਸਕੇ।