ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਮਾਮਲੇ ਦੀ ਜਾਂਚ ਮੰਗੀ
ਅੰਮ੍ਰਿਤਸਰ, 17 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੰਨਾ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਵੱਲੋਂ ਤਿੰਨ ਵਿਅਕਤੀਆਂ ਨੂੰ ਨੰਗਾ ਕਰਨ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਦੀ ਹਾਈ ਕੋਰਟ ਦੇ  ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੂੰ ਇਹ ਬਿਲਕੁਲ ਅਧਿਕਾਰ ਨਹੀਂ ਹੈ ਕਿ ਉਹ ਪੁਲਿਸ ਥਾਣਿਆਂ ਅੰਦਰ ਅਨੈਤਿਕ ਕਾਰਵਾਈਆਂ ਕਰੇ। ਕਿਸੇ ਵੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਲੋਕਾਂ ਨਾਲ ਅਣਮਨੁੱਖੀ ਵਿਵਹਾਰ ਕਰਨਾ ਗਲਤ ਹੈ, ਲਿਹਾਜ਼ਾ ਖੰਨਾ ਮਾਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਨਯੋਗ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਹੋਵੇ ਤਾਂ ਜੋ ਕੋਈ ਵੀ ਦੋਸ਼ੀ ਬਚ ਨਾ ਸਕੇ ਅਤੇ ਅੱਗੇ ਤੋਂ ਅਜਿਹਾ ਅਮਾਨਵੀ ਵਰਤਾਰਾ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ।
ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਪਟਿਆਲਾ ਵਿਖੇ ਪੁਲਿਸ ਤੇ ਨਿਹੰਗ ਸਿੰਘਾਂ ਦੀ ਝੜਪ ਦੌਰਾਨ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਨੰਗੇ ਸਿਰ ਅਦਾਲਤ ਵਿਚ ਪੇਸ਼ ਕਰਨ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿੱਖ ਰਵਾਇਤਾਂ ਤੇ ਧਾਰਮਿਕ ਚਿੰਨ੍ਹਾਂ ਦਾ ਨਿਰਾਦਰ ਹੈ। ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਦਾਇਰੇ ਵਿਚ ਰਹਿਣ ਲਈ ਆਖਣ  ਅਤੇ ਅਸੱਭਿਅਕ ਤੇ ਅਮਾਨਵੀ ਕਾਰਜ ਢੰਗ ਤੋਂ ਸਖਤੀ ਨਾਲ ਰੋਕਿਆ ਜਾਵੇ।