ਸ਼੍ਰੋਮਣੀ ਕਮੇਟੀ ਨੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਮੰਗੀ, ਮੁੱਖ ਮੰਤਰੀ ਨੂੰ ਵੀ ਲਿਖਿਆ ਜਾ ਚੁੱਕਾ ਹੈ ਪੱਤਰ

ਅੰਮ੍ਰਿਤਸਰ, 29 ਅਪ੍ਰੈਲ- ਬੀਤੇ ਦਿਨੀਂ ਖੰਨਾ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਸ. ਜਗਪਾਲ ਸਿੰਘ ਅਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ’ਤੇ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਹੁਣ ਤੱਕ ਢੁੱਕਵੀਂ ਕਰਵਾਈ ਨਾ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸ੍ਰੀ ਦਿਨਕਰ ਗੁਪਤਾ ਆਈ.ਪੀ.ਐਸ. ਨੂੰ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਇਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਸਿੱਖ ਕਕਾਰਾਂ ਦੀ ਤੌਹੀਨ ਨਾ ਬਰਦਾਸ਼ਤਯੋਗ ਹੈ। ਇਸ ਲਈ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ, ਪਰੰਤੂ ਸਬੰਧਤ ਥਾਣੇਦਾਰ ਸ. ਬਲਜਿੰਦਰ ਸਿੰਘ ਦਾ ਤਬਾਦਲਾ ਕਰਕੇ ਹੀ ਸਾਰ ਦਿੱਤਾ ਗਿਆ। 
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਬਾਰੇ ਦੱਸਿਆ ਕਿ ਮਾਮਲੇ ਸਬੰਧੀ ਦੋਸ਼ੀਆਂ ਖਿਲਾਫ਼ ਤਸੱਲੀਬਖ਼ਸ਼ ਕਾਰਵਾਈ ਨਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੂੰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜਿਥੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਉਥੇ ਹੀ ਮਨੁੱਖਤਾ ਨੂੰ ਵੀ ਸ਼ਰਮਸ਼ਾਰ ਕਰਦਾ ਹੈ। ਇਕ ਪਿਤਾ ਤੇ ਪੁੱਤਰ ਨੂੰ ਇਕ ਦੂਜੇ ਦੇ ਸਾਹਮਣੇ ਸ਼ਰ੍ਹੇਆਮ ਨੰਗਾ ਕਰਕੇ ਬੇਇੱਜ਼ਤ ਕਰਨਾ ਮਨੁੱਖਤਾ ’ਤੇ ਕਲੰਕ ਹੈ। ਅਜਿਹੇ ਕਰਨ ਵਾਲੇ ਮੁਲਾਜ਼ਮਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਸਮਾਜ ਅੰਦਰ ਇਕ ਠੋਸ ਸੁਨੇਹਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮਾਮਲੇ ਸਬੰਧੀ 18 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਗਿਆ ਸੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਨਿੱਜੀ ਤੌਰ ’ਤੇ ਦਖ਼ਲ ਦੇ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ। ਇਸ ਦੇ ਬਾਵਜੂਦ ਵੀ ਅਜੇ ਤੀਕ ਕੇਵਲ ਥਾਣੇਦਾਰ ਦਾ ਤਬਾਦਲਾ ਕਰਕੇ ਮਾਮਲੇ ਨੂੰ ਠੰਡਾ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਕਰੜੀ ਸਜ਼ਾ ਦੇ ਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ।