ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੇ ਇਨਾਮੀ ਰਾਸ਼ੀ ਦੇ ਚੈੱਕ


ਅੰਮ੍ਰਿਤਸਰ, ੩੧ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀ. ਟੀ. ਸੀ. ਚੈਨਲ ਦੇ ਸਹਿਯੋਗ ਨਾਲ ਕਰਵਾਏ ਗਏ ਇਨਾਮੀ ਕੀਰਤਨ ਮੁਕਾਬਲੇ ‘ਗਾਵਹੁ ਸਚੀ ਬਾਣੀ’ ਭਾਗ ੨ ਵਿੱਚੋਂ ਅੱਵਲ ਆਉਣ ਵਾਲੇ ਪ੍ਰਤਿਯੋਗੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਨਾਮੀ ਰਾਸ਼ੀ ਦੇ ਚੈੱਕ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਇਨਾਮੀ ਕੀਰਤਨ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਦਿੱਲੀ ਨਿਵਾਸੀ ਪ੍ਰਦੀਪ ਸਿੰਘ ਨੂੰ ੫ ਲੱੱਖ ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਜਲੰਧਰ ਦੇ ਰਵਿੰਦਰ ਸਿੰਘ ਉੱਭੀ ਨੂੰ ੩ ਲੱਖ ਰੁਪਏ, ਤੀਸਰੇ ਸਥਾਨ ‘ਤੇ ਆਈ ਬਠਿੰਡਾ ਤੋਂ ਜਸ਼ਨਪ੍ਰੀਤ ਕੌਰ ਨੂੰ ੧ ਲੱਖ ਰੁਪਏ ਇਨਾਮ ਵਜੋਂ ਦਿੱਤੇ ਗਏ। ਇਸ ਤੋਂ ਇਲਾਵਾ ਚੌਥੇ ਅਤੇ ਪੰਜਵੇਂ ਸਥਾਨ ‘ਤੇ ਰਹੇ ਫ਼ਤਹਿਗੜ੍ਹ ਸਾਹਿਬ ਦੇ ਉਅੰਕਾਰ ਸਿੰਘ ਅਤੇ ਹੁਸ਼ਿਆਪੁਰ ਦੇ ਮਨਪ੍ਰੀਤ ਸਿੰਘ ਨੂੰ ੫੦-੫੦ ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਵਲ ਆਏ ਇਨ੍ਹਾਂ ਪ੍ਰਤਿਯੋਗੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਰਨਾਂ ਨੌਜੁਆਨਾਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਣਾ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਕੀਰਤਨ ਮੁਕਾਬਲੇ ਦੀ ਤਰਜ਼ ‘ਤੇ ਹੀ ਢਾਡੀ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਇਨਾਮ ਪ੍ਰਾਪਤ ਕਰਨ ਵਾਲੇ ਨੌਜੁਆਨ ਕੀਰਤਨਕਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਇਸ ਸਨਮਾਨ ਬਦਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਧੰਨਵਾਦ ਕੀਤਾ। ਨੌਜੁਆਨ ਪ੍ਰਤਿਯੋਗੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਪੀ.ਟੀ.ਸੀ. ਚੈਨਲ ਵੱਲੋਂ ਦਿੱਤੇ ਗਏ ਇਸ ਮੰਚ ਨਾਲ ਉਨ੍ਹਾਂ ਦੀ ਸੰਸਾਰ ਭਰ ਵਿਚ ਪਛਾਣ ਬਣ ਸਕੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਨਵਤੇਜ ਸਿੰਘ ਕਾਓਣੀ ਤੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਸਿਮਰਜੀਤ ਸਿੰਘ ਮੀਤ ਸਕੱਤਰ ਸਮੇਤ ਇਨਾਮ ਪ੍ਰਾਪਤ ਕਰਨ ਵਾਲੇ ਨੌਜੁਆਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।