25-07-2015-1ਅਦਾਲਤ ਵੱਲੋਂ ਬੰਦੀ ਸਿੱਖਾਂ ਬਾਰੇ ਦਿੱਤਾ ਫੈਸਲਾ ਅਧੂਰਾ : ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ 25 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਸਕੱਤਰ ਵਜੋਂ ਸੇਵਾ ਨਿਭਾਉਣ ਵਾਲੇ ਗਿਆਨੀ ਮਹਿੰਦਰ ਸਿੰਘ ਅਤੇ ਪੰਥ ਪ੍ਰਸਿੱਧ ਢਾਡੀ ਗਿਆਨੀ ਕੁਲਵੰਤ ਸਿੰਘ ਬੀ.ਏ. ਦੀਆਂ ਤਸਵੀਰਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈਆਂ ਗਈਆਂ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਸਲਵਿੰਦਰ ਸਿੰਘ ਵੱਲੋਂ ਕੀਤੀ ਗਈ।ਤਸਵੀਰਾਂ ਤੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਪਰਦਾ ਹਟਾਇਆ।ਇਸ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਮੌਜੂਦ ਸਨ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ‘ਚ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਮੁਤਾਬਿਕ ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ ਤਾਂ ਕਿ ਇਹ ਦੂਜਿਆਂ ਲਈ ਪ੍ਰੇਰਨਾਦਾਇਕ ਬਣਨ।ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਇਤਿਹਾਸ ਦਾ ਇਕ ਹਿੱਸਾ ਬਣ ਜਾਂਦੀਆਂ ਹਨ ਅਤੇ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਤੋਂ ਪ੍ਰੇਰਨਾ ਮਿਲਦੀ ਹੈ।ਉਨ੍ਹਾਂ ਕਿਹਾ ਕਿ ਅੱਜ ਸੁਸ਼ੋਭਿਤ ਕੀਤੀਆ ਗਈਆਂ ਤਸਵੀਰਾਂ ‘ਚ ਗਿਆਨੀ ਮਹਿੰਦਰ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਪੰਥਕ ਹਲਕਿਆਂ ਦੀ ਮਹਾਨ ਤੇ ਨਿਧੜਕ ਹਸਤੀ ਸਨ।ਉਨ੍ਹਾਂ ਕਿਹਾ ਕਿ ਗਿਆਨੀ ਮਹਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਲਮਾ ਸਮਾਂ ਸੇਵਾ ਕੀਤੀ ਹੈ ਤੇ ਉਨ੍ਹਾਂ ਦੀ ਸੇਵਾ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਵੀ ਸ਼੍ਰੋਮਣੀ ਕਮੇਟੀ ਤੇ ਆਈਆਂ ਸਨ ਜਿਨ੍ਹਾਂ ਨੂੰ ਉਨ੍ਹਾਂ ਨੇ ਸੂਝ-ਬੁਝ ਨਾਲ ਹੱਲ ਕੀਤਾ ਸੀ।ਉਨ੍ਹਾਂ ਕਿਹਾ ਕਿ ਗਿਆਨੀ ਮਹਿੰਦਰ ਸਿੰਘ ਨੇ ਪੰਥਕ ਕਾਰਜਾਂ ਅਤੇ ਵਿਦਿਆ ਦੇ ਪਸਾਰ ਨੂੰ ਮੁੱਖ ਰੱਖਦਿਆ ਬਹੁਤ ਸਾਰੀਆਂ ਨਾਮੀ ਸੰਸਥਾਵਾਂ ‘ਚ ਸਲਾਹਕਾਰ ਮੈਂਬਰ ਤੇ ਸਰਪ੍ਰਸਤ ਵਜੋਂ ਵੀ ਸੇਵਾ ਨਿਭਾਈ ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਗਿਆਨੀ ਕੁਲਵੰਤ ਸਿੰਘ ਬੀ.ਏ. ਪੰਥ ਦੇ ਨਾਮਵਰ ਢਾਡੀਆਂ ਵਿਚੋਂ ਇਕ ਸਨ।ਇਨ੍ਹਾਂ ਨੇ ਆਪਣੀ ਢਾਡੀ ਕਲਾ ਰਾਹੀਂ ਦੇਸ਼ਾਂ-ਵਿਦੇਸ਼ਾਂ ‘ਚ ਸਿੱਖ ਇਤਿਹਾਸ ਨਾਲ ਹਜ਼ਾਰਾਂ ਸੰਗਤਾਂ ਨੂੰ ਜੋੜਿਆ ਹੈ।ਇਨ੍ਹਾਂ ਨੇ ਆਪਣੀ ਢਾਡੀ ਕਲਾ ਰਾਹੀਂ ਤਕਰੀਬਨ ੨੦ ਸਾਲ ਪੰਥ ਦੀ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਇਨ੍ਹਾਂ ਦੋਹਾ ਸਖਸ਼ੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਤੋਂ ਢਾਡੀ ਤੇ ਕਵੀਸ਼ਰ ਸਾਹਿਬਾਨ ਸਿੱਖਿਆ ਲੈ ਕੇ ਵੱਧ ਤੋਂ ਵੱਧ ਪੰਥ ਦੀ ਸੇਵਾ ਕਰਨ।ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਦਾ ਜਲਦ ਹੀ ਨਵੀਨੀਕਰਨ ਵੀ ਕੀਤਾ ਜਾਵੇਗਾ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵੱਡਮੁੱਲੀਆਂ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦੀਆਂ ਤਸਵੀਰਾਂ ਆਉਣ ਵਾਲੀਆਂ ਨਵੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦੇਣ ਹਿੱਤ ਲਗਾਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਗਿਆਨੀ ਮਹਿੰਦਰ ਸਿੰਘ ਅਤੇ ਗਿਆਨੀ ਕੁਲਵੰਤ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਨਾਲ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਅਤੇ ਢਾਡੀ ਕਵੀਸ਼ਰਾਂ ਨੂੰ ਬਹੁਤ ਵੱਡੀ ਸੇਧ ਮਿਲੇਗੀ।
ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਕਿਹਾ ਕਿ ਅਦਾਲਤ ਵੱਲੋਂ ਟਾਡਾ ਤੇ ਕੇਂਦਰੀ ਏਜੰਸੀ ਹੇਠ ਸਜ਼ਾ ਪ੍ਰਾਪਤ ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਨ ਦਾ ਫੈਸਲਾ ਅਧੂਰਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਇਨ੍ਹਾਂ ਨੂੰ ਪੈਰੋਲ ਤੇ ਰਿਹਾਅ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਜਿਸ ਲਈ ਸਬੰਧਤ ਸਿੱਖ ਕੈਦੀਆਂ ਦੇ ਪਰਿਵਾਰ ਸ਼੍ਰੋਮਣੀ ਕਮੇਟੀ ਨਾਲ ਜਲਦ ਤੋਂ ਜਲਦ ਸੰਪਰਕ ਕਰਨ।ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਦੀ ਜ਼ਿੰਦਗੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ ਜੋ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਹਨ।ਅਸਾਮ ਤੋਂ ਆਏ ਵਫਦ ਬਾਰੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ ਵਫਦ ਦੇ ਆਉਣ-ਜਾਣ ਦਾ ਪੂਰਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਹੈ ਅਤੇ ਅੱਗੋਂ ਵੀ ਉਨ੍ਹਾਂ ਵੱਲੋਂ ਭੇਜੀ ਜਾਣ ਵਾਲੀ ਸੂਚੀ ਮੁਤਾਬਿਕ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਅਸਾਮ ਦੇ ਵਫਦ ਵੱਲੋਂ ਜਨਰਲ ਚੇਤਨ ਸਿੰਘ ਦੀ ਯਾਦਗਾਰ ਬਣਾਉਣ ਲਈ ਕੀਤੀ ਮੰਗ ਦੇ ਆਧਾਰ ਤੇ ਸਹਾਇਤਾ ਦੇਣ ਲਈ ਕਿਹਾ ਗਿਆ ਹੈ ਤਾਂ ਕਿ ਅਸਾਮ ‘ਚ ਵਸਦੇ ਸਿੱਖ ਭਾਈਚਾਰੇ ਨਾਲ ਸਬੰਧਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਸਕੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੇਘਾਲਿਆ ‘ਚ ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਲਈ ੨੫ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਤੇ ਜ਼ਰੂਰਤ ਮੁਤਾਬਿਕ ਹੋਰ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਡਾਕਟਰ ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ, ਬਾਬਾ ਸਾਧ ਜੀ ਬਿਧੀ ਚੰਦ, ਬਾਬਾ ਅਜੀਤ ਸਿੰਘ ਦਮਦਮੀ ਟਕਸਾਲ,, ਬਾਬਾ ਮੋਜੀਦਾਸ ਮਾੜੀਕੰਬੋਕੇ, ਬਾਬਾ ਸੱਜਣ ਸਿੰਘ, ਭਾਈ ਬਲਦੇਵ ਸਿੰਘ ਐਮ ਏ ਸਾਬਕਾ ਮੈਂਬਰ ਤੇ ਢਾਡੀ, ਗਿਆਨੀ ਪੂਰਨ ਸਿੰਘ ਅਰਸ਼ੀ, ਗਿਆਨੀ ਸੁਰਿੰਦਰ ਸਿੰਘ ਪ੍ਰਧਾਨ ਸਿੰਘ ਸਭਾ,  ਸ. ਗੁਰਨਾਮ ਸਿੰਘ ਤੇ ਸ. ਪਰਮਦੀਪ ਸਿੰਘ ਇੰਚਾਰਜ, ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਸ. ਗੁਰਵਿੰਦਰਪਾਲ ਸਿੰਘ ਤੇ ਸ. ਸੁਖਵਿੰਦਰ ਸਿੰਘ ਚਿੱਤਰਕਾਰ, ਢਾਡੀ ਮਿਲਖਾ ਸਿੰਘ ਮੋਜੀ ਸ. ਕੁਲਵੰਤ ਸਿੰਘ ਸਾਬਕਾ ਸਕੱਤਰ, ਸ. ਅਜਾਇਬ ਸਿੰਘ ਸਾਬਕਾ ਮੀਤ ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।