ਅੰਮ੍ਰਿਤਸਰ 24 ਜੁਲਾਈ – ਸਿੱਖ ਪੰਥ ਅੰਦਰ ਮਾਣ ਮੱਤੀਆਂ ਸੇਵਾ ਨਿਭਾਉਣ ਅਤੇ ਸਿੱਖ ਕੌਮ ਦੀ ਮਹਾਨ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਗਿਆਨੀ ਮਹਿੰਦਰ ਸਿੰਘ ਅਤੇ ਨਾਮਵਰ ਢਾਡੀ ਗਿਆਨੀ ਕੁਲਵੰਤ ਸਿੰਘ ਬੀ ਏ ਦੇ ਚਿੱਤਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲੱਗਣਗੇ।

ਇਥੋਂ ਜਾਰੀ ਪ੍ਰੈਸ ਨੋਟ ‘ਚ ਜਾਣਕਾਰੀ ਦਿੰਦਿਆਂ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਉਕਤ ਦੋਵਾਂ ਸ਼ਖਸੀਅਤਾਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਸਿੱਖ ਪੰਥ ਪ੍ਰਤੀ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਬਦਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ ਕਰਕੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਚਿੱਤਰ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਹੋਰਨਾਂ ਤਸਵੀਰਾਂ ਦੇ ਨਾਲ-ਨਾਲ ਇਨ੍ਹਾਂ ਸ਼ਖਸੀਅਤਾਂ ਦੀਆਂ ਤਸਵੀਰਾਂ ਤੋਂ ਸੇਧ ਲੈਂਦਿਆਂ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕਣ।ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਖਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਏ ਜਾਣ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਸ਼ਖਸੀਅਤਾਂ ਹਾਜ਼ਰ ਹੋਣਗੀਆਂ।

ਇਸੇ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਐਮ ਏ ਤੇ ਸ. ਪੂਰਨ ਸਿੰਘ ਅਰਸ਼ੀ ਜਨਰਲ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਕੁਲਵੰਤ ਸਿੰਘ ਬੀ ਏ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਤੇ ਸਵਾਗਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਦਾ ਧੰਨਵਾਦ ਕੀਤਾ ਅਤੇ ਉਸੇ ਸੰਦਰਭ ਵਿੱਚ ਢਾਡੀ ਸਭਾ ਵੱਲੋਂ ਜਥੇਦਾਰ ਅਵਤਾਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਇਹ ਸਨਮਾਨ ਚਿੱਤਰ ਸੁਸ਼ੋਭਿਤ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਇਕ ਸਮਾਗਮ ਦੌਰਾਨ ਹੋਵੇਗਾ।