ਅੰਮ੍ਰਿਤਸਰ, 22 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਬਾਰ-ਬਾਰ ਅਪੀਲ ਕਰਕੇ ਬਿਜਲੀ ਉਪਕਰਣਾਂ ਦੀ ਸਹੀ ਦੇਖਭਾਲ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਵਕਤ ਨਿਗਰਾਨੀ ਲਈ ਕਿਹਾ ਜਾਂਦਾ ਹੈ। ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਦੀ ਅਪੀਲ ਕਰਦਿਆਂ ਬਿਜਲੀ ਉਪਕਰਣ ਲੋੜ ਅਨੁਸਾਰ ਹੀ ਚਲਾਉਣ ਲਈ ਕਿਹਾ। ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।