ਅੰਮ੍ਰਿਤਸਰ, ੧੭ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸ ਜ਼ਿਲ੍ਹੇ ਦੇ ਸਲੇਮਪੁਰ ਅਰਾਈਆਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਬੇਹੱਦ ਚਿੰਤਾ ਦਾ ਵਿਸ਼ਾ ਹਨ ਅਤੇ ਅਜਿਹੀਆਂ ਘਟਨਾਵਾਂ ਨਾ ਵਾਪਰਣ ਇਸ ਲਈ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ‘ਤੇ ਸੁਚੇਤ ਹੋਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਬਾਰ-ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਪ੍ਰਬੰਧਕੀ ਅਣ-ਗਹਿਲੀ ਕਾਰਨ ਬਿਜਲੀ ਦੇ ਉਪਕਰਨਾਂ ਰਾਹੀਂ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਲਈ ਸਿੱਧੇ ਤੌਰ ‘ਤੇ ਗੁਰਦੁਆਰਾ ਕਮੇਟੀਆਂ ਜ਼ੁੰਮੇਵਾਰ ਹਨ। ਉਨ੍ਹਾਂ ਇਕ ਵਾਰ ਫਿਰ ਸੰਗਤਾਂ ਨੂੰ ਅਪੀਲ ਕੀਤੀ ਕਿ ਆਪੋ-ਆਪਣੇ ਗੁਰੂ-ਘਰਾਂ ਅੰਦਰ ਓਨਾ ਚਿਰ ਹੀ ਬਿਜਲੀ ਉਪਕਰਣ ਚਾਲੂ ਰੱਖੇ ਜਾਣ, ਜਿੰਨਾ ਚਿਰ ਕੋਈ ਨਿਗਰਾਨ ਹਾਜ਼ਰ ਰਹੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਘਟਨਾ ਸਥਾਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਬਲਬੀਰ ਸਿੰਘ, ਸ. ਗੁਰਨਾਮ ਸਿੰਘ ਅਤੇ ਬੀਬੀ ਰੁਪਿੰਦਰ ਕੌਰ ਦੇ ਨਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਪਾਤਸ਼ਾਹੀ ਪੰਜਵੀਂ ਧਾਰੀਵਾਲ ਦੇ ਮੈਨੇਜਰ ਨੂੰ ਭੇਜਿਆ, ਜਿਸ ‘ਤੇ ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਨ ਭੇਟ ਹੋਏ ਪਾਵਨ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਏ ਗਏ।