ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅੰਮ੍ਰਿਤਸਰ ੦੨ ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਤ੍ਰਿਕੁਨੀਆ ਉੱਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸੋਮਵਾਰ ਨੂੰ ਆਰੰਭ ਕੀਤਾ ਵਿਸ਼ਾਲ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਕਾਲ ਅਕੈਡਮੀ ਗੋਮਤੀ ਪੁਲ੍ਹ ਜ਼ਿਲ੍ਹਾ ਪੀਲੀਭੀਤ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਮਤਾ ਸਾਹਿਬ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਉਪਰੰਤ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ ਗਏ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੇ ਅਕਾਲ ਅਕੈਡਮੀ ਗੋਮਤੀ ਪੁਲ੍ਹ ਦੇ ਮੁੱਖ ਪ੍ਰਬੰਧਕ ਭਾਈ ਕਾਕਾ ਸਿੰਘ, ਭਾਈ ਜਸਵੰਤ ਸਿੰਘ ਚੀਮਾ ਮੰਡੀ, ਭਾਈ ਬਲਬੀਰ ਸਿੰਘ ਦਾ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੇ ਲਈ ਕੀਤੇ ਗਏ ਯੋਗ ਪ੍ਰਬੰਧਾਂ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵੀ ਸਤਿਕਾਰ ਵਜੋਂ ਸਿਰਪਾਓ ਬਖ਼ਸ਼ਿਸ਼ ਕੀਤੇ। ਇਸ ਮੌਕੇ ਉਨ੍ਹਾਂ ਨਾਲ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਪ੍ਰਿਤਪਾਲ ਸਿੰਘ ਤੇ ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ, ਬਾਬਾ ਗੁਰਨਾਮ ਸਿੰਘ ਕਾਰ ਸੇਵਾ ਵਾਲੇ, ਐਡੀਸ਼ਨਲ ਸਕੱਤਰ ਸ. ਬਿਜੈ ਸਿੰਘ ਬਾਦੀਆਂ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਸ. ਮਲਕੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਮੁੱਖ ਤੌਰ ‘ਤੇ ਹਾਜ਼ਰ ਸਨ। ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਖ਼ਾਸ ਗੱਲ ਇਹ ਸੀ ਕਿ ਸਿੱਖਾਂ ਤੋਂ ਇਲਾਵਾ ਹੋਰਨਾਂ ਧਰਮਾਂ ਨਾਲ ਸਬੰਧਤ ਗੁਰੂ ਘਰ ਦੇ ਸ਼ਰਧਾਲੂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਏ ਅਤੇ ਸੰਗਤਾਂ ਦੀ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਟਹਿਲ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੇਵਾ ਸਿੰਘ, ਜਨਰਲ ਸਕੱਤਰ ਪ੍ਰੀਤਮ ਸਿੰਘ ਸੰਧੂ, ਸਕੱਤਰ ਡਾ. ਕਰਮ ਸਿੰਘ, ਜਥੇਦਾਰ ਗੁਰਮੇਜ ਸਿੰਘ, ਸ. ਲਬਵਿੰਦਰ ਸਿੰਘ, ਸ. ਸੂਰਤ ਸਿੰਘ, ਸ. ਅਮਜੀਤ ਸਿੰਘ ਵਿਰਕ ਅਤੇ ਸਮੂਹ ਮੈਂਬਰਾਂ ਨੇ ਪੰਜ ਪਿਆਰਿਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਮੂਹ ਸੰਗਤਾਂ ਦਾ ਕਈ ਕਿਲੋਮੀਟਰ ਅੱਗੇ ਆ ਕੇ ਸਵਾਗਤ ਕੀਤਾ।