ਅੰਮ੍ਰਿਤਸਰ, 13 ਮਈ (            ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪੌੜੀ ਹਰਿਦੁਆਰ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਅੱਜ ਸਮੂਹ ਗੁਰੂ-ਘਰਾਂ ਵਿਚ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਜਾਵੇਗੀ। ਸਮੁੱਚੇ ਖ਼ਾਲਸਾ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਆਰੰਭੀ ਗਈ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਮੁਹਿੰਮ ਵਿਚ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ਼ਾਮਿਲ ਹੋਣ। ਇਹ ਅਪੀਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹਰਿਦੁਆਰ ਫੇਰੀ ਨਾਲ ਸਬੰਧਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਇਕਜੁੱਟ ਹੋ ਕੇ ਕੌਮੀ ਭਾਵਨਾ ਦਾ ਪ੍ਰਗਟਾਵਾ ਕੀਤਾ ਜਾਵੇ। ਉਨ੍ਹਾਂ ਆਖਿਆਂ ਕਿ ਇਹ ਸਮੁੱਚੇ ਪੰਥ ਦਾ ਸਾਂਝਾ ਮਸਲਾ ਹੈ ਅਤੇ ਇਸ ਨੂੰ ਰਲ-ਮਿਲ ਕੇ ਹੀ ਹੱਲ ਕੀਤਾ ਜਾ ਸਕਦਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਲੰਮੇ ਅਰਸੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਦੀ ਮੰਗ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ੨੦੧੯ ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਪੁਰਬ ਦੇ ਮੱਦੇਨਜ਼ਰ ਸੰਗਤ ਦੀ ਭਾਵਨਾ ਹੈ ਕਿ ਇਸ ਸਮੇਂ ਤੱਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਹਰਿ ਕੀ ਪੌੜੀ ਵਿਖੇ ਹੋਵੇ। ਇਸੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਯਤਨ ਅਰੰਭੇ ਗਏ ਹਨ ਅਤੇ ਇਸ ਮੁਹਿੰਮ ਦੀ ਕਾਮਯਾਬੀ ਲਈ ਅੱਜ ੧੪ ਮਈ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸਥਾਨਕ ਸਮੇਂ ਅਨੁਸਾਰ ਸਵੇਰੇ ੯ ਵਜੇ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਬੰਧ ਵਾਲੇ ਹਰੇਕ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਹੋਣਗੇ ਜਿਸ ਵਿਚ ਵੱਧ ਤੋਂ ਵੱਧ ਸੰਗਤਾਂ ਸ਼ਾਮਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਅਸਥਾਨ ਦੀ ਮੁੜ ਸਥਾਪਨਾ ਲਈ ਅਰੰਭੀ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਇਸ ਵਿਚ ਆਪੋ-ਆਪਣਾ ਯੋਗਦਾਨ ਪਾਉਣ।