ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜਪੁ ਜੀ ਸਾਹਿਬ ਦੇ ਪਾਠ ਅਤੇ ਅਰਦਾਸ ਸਮਾਗਮ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਮਈ (          ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿ ਕੀ ਪੌੜੀ (ਹਰਿਦੁਆਰ) ਦੀ ਮੁੜ ਸਥਾਪਨਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਆਰੰਭੇ ਗਏ ਯਤਨਾਂ ਤਹਿਤ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਰਹੇ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਪਾਵਨ ਗੁਰਬਾਣੀ ਦੇ ਜਾਪ ਉਪਰੰਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਅਰੰਭੀ ਮੁਹਿੰਮ ਦੀ ਸਫ਼ਲਤਾ ਦੀ ਅਰਦਾਸ ਕੀਤੀ।
ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹਰਿਦੁਆਰ ਫੇਰੀ ਨਾਲ ਸੰਬੰਧਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਇਆਂ ਹਨ ਅਤੇ ਇਸ ਦੀ ਮੁੜ ਸਥਾਪਨਾ ਲਈ ਸੰਬੰਧਤ ਸਰਕਾਰਾਂ ਨੂੰ ਸਾਰਥਕ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਖ਼ਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਲ ਮਿਲ ਕੇ ਇਸ ਕਾਰਜ ਲਈ ਯਤਨ ਕੀਤੇ ਜਾਣਗੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਹਰਿ ਕੀ ਪੌੜੀ ਵਿਖੇ ਸੁਸ਼ੋਭਿਤ ਰਹੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਯਾਦ ਸਤਿਗੁਰੂ ਜੀ ਵੱਲੋਂ ਪਾਖੰਡ, ਕਰਮ-ਕਾਂਡਾਂ ਅਤੇ ਵਹਿਮਾਂ-ਭਰਮਾਂ ਦੇ ਵਿਰੋਧ ਵਿਚ ਸੱਚ ਨਾਮ ਦੇ ਉਪਦੇਸ਼ ਨਾਲ ਜੁੜੀ ਹੋਈ ਹੈ। ਅੰਮ੍ਰਿਤਮਈ ਜੀਵਨ ਦਾਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਪਾਵਨ ਅਸਥਾਨ ਨੂੰ ਸਾਕਾਰ ਕਰਨ ਲਈ ਸੰਗਤਾਂ ਵੱਲੋਂ ਵਿੱਢੀ ਮੁਹਿੰਮ ਜ਼ਰੂਰ ਸਫ਼ਲ ਹੋਵੇਗੀ। ਉਨ੍ਹਾਂ ਸਮੁੱਚੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਨਾਲ ਨਾਲ ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਨਿਰਮਲੇ, ਉਦਾਸੀਆਂ ਭਾਵ ਸਮੁੱਚੀ ਮਨੁੱਖਤਾ ਨੂੰ ਹੀ ਇਸ ਕਾਰਜ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਅਗਲੇ ਪ੍ਰੋਗਰਾਮ ਸੰਬੰਧੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਇਸ ਮਾਮਲੇ ‘ਤੇ ਜੋ ਵੀ ਆਦੇਸ਼ ਦੇਣਗੇ ਉਸ ‘ਤੇ ਪਹਿਰਾ ਦਿੱਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਨਿਰਮਲ ਸਿੰਘ ਹਰਿਆਓ, ਅਕਾਲੀ ਆਗੂ ਸ. ਦੀਦਾਰ ਸਿੰਘ ਭੱਟੀ, ਸ. ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ, ਸਾਬਕਾ ਮੈਂਬਰ ਸ. ਬਖ਼ਸ਼ੀਸ ਸਿੰਘ ਧਾਰੋਵਾਲੀ, ਬੁੱਢਾ ਦਲ ਤੋਂ ਬਾਬਾ ਜੱਸਾ ਸਿੰਘ, ਸ਼੍ਰੋਮਣੀ ਕਮੇਟੀ ਦੇ ਐਡੀ. ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਸ. ਹਰਭਜਨ ਸਿੰਘ ਮਨਾਵਾਂ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਸਿਮਰਜੀਤ ਸਿੰਘ ਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, ਡਾ. ਪ੍ਰਿਤਪਾਲ ਸਿੰਘ, ਸ. ਬਲਜੀਤ ਸਿੰਘ ਭੱਟੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸ. ਕਰਮਜੀਤ ਸਿੰਘ ਰੱਤੇਵਾਲੀ ਕੌਸਲਰ, ਸ. ਸਵਰਨ ਸਿੰਘ ਚਨਾਰਥਲ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਨੱਥਾ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਸ. ਬਲਵਿੰਦਰ ਸਿੰਘ ਭਮਾਰਸੀ, ਢਾਡੀ ਗਿਆਨੀ ਮੋਰਾਂਵਾਲੀ, ਗੱਤਕਾ ਇੰਚਾਰਜ ਸ. ਹਰਦੀਪ ਸਿੰਘ, ਗੱਤਕਾ ਕੋਚ ਸ. ਸੁਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।