ਅੰਮ੍ਰਿਤਸਰ, 28 ਅਪ੍ਰੈਲ-
ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾਇਰਡ) ਸ. ਗੁਰਮੀਤ ਸਿੰਘ ਨਾਲ ਮੁਲਾਕਾਤ ਕਰਕੇ ਮਸਲੇ ਦਾ ਜਲਦ ਹੱਲ ਕਰਨ ਸਬੰਧੀ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸਿੱਖ ਮਿਸ਼ਨ ਰਾਏਪੁਰ ਦੇ ਇੰਚਾਰਜ ਸ. ਗੁਰਮੀਤ ਸਿੰਘ ਸੈਣੀ ਅਤੇ ਵਿਸਾਖਾਪਟਨਮ ਦੇ ਸਿੱਖ ਆਗੂ ਡਾ. ਡੀਐਸ ਆਨੰਦ ਸ਼ਾਮਲ ਸਨ। ਵਫ਼ਦ ਦੇ ਆਗੂਆਂ ਨੇ ਉਤਰਾਖੰਡ ਦੇ ਰਾਜਪਾਲ ਨੂੰ ਸਿੱਖਾਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦਾ ਮਸਲਾ ਹੱਲ ਕਰਨ ਲਈ ਦਖ਼ਲ ਦੀ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਗਿਆਨ ਗੋਦੜੀ ਦੇ ਮਾਮਲੇ ਨੂੰ ਲੈ ਕੇ ਗੰਭੀਰ ਹੈ ਅਤੇ ਇਸ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਉਤਰਾਖੰਡ ਦੇ ਮਾਨਯੋਗ ਰਾਜਪਾਲ ਨੂੰ ਮਿਲ ਕੇ ਮੰਗ ਕੀਤੀ ਗਈ ਹੈ ਕਿ ਹਰਿ ਕੀ ਪਓੜੀ ਦੇ ਸਥਾਨ ’ਤੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨੂੰ ਪੁਨਰ ਸਥਾਪਤ ਕੀਤਾ ਜਾਵੇ, ਤਾਂ ਜੋ ਸਿੱਖ ਕੌਮ ਦੇ ਇਸ ਇਤਿਹਾਸਕ ਅਸਥਾਨ ਦਾ ਸਿੱਖ ਭਾਵਨਾਵਾਂ ਅਨੁਸਾਰ ਮਸਲਾ ਹੱਲ ਹੋ ਸਕੇ। ਉਨ੍ਹਾਂ ਦੱਸਿਆ ਕਿ ਉਤਰਾਖੰਡ ਦੇ ਰਾਜਪਾਲ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਮੰਗ ਨੂੰ ਸੰਜੀਦਗੀ ਨਾਲ ਲੈਂਦਿਆਂ ਮਾਮਲੇ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾਇਰਡ) ਸ. ਗੁਰਮੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਆਪਣੇ ਜਨਰਲ ਇਜਲਾਸਾਂ ਦੌਰਾਨ ਮਤੇ ਪਾਸ ਕੇ ਭਾਰਤ ਅਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਭੇਜ ਕੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਦੇ ਜਲਦ ਹੱਲ ਦੀ ਅਪੀਲ ਕਰਦੀ ਆ ਰਹੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਮਿਆਂ ’ਤੇ ਸ਼੍ਰੋਮਣੀ ਕਮੇਟੀ ਦੇ ਕਈ ਆਗੂ ਭਾਰਤ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਨੂੰ ਵੀ ਮਿਲ ਚੁੱਕੇ ਹਨ।