ਅੰਮ੍ਰਿਤਸਰ, ੩ ਜੂਨ- ਮੱਧ ਪ੍ਰਦੇਸ਼ ਦੇ ਸ਼ਹਿਰ ਉਜੈਨ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਘਾਟ ਦੀ ਨਵੀਂ ਤਿਆਰ ਕੀਤੀ ਗਈ ਖੂਬਸੂਰਤ ਇਮਾਰਤ ਦਾ ਸ਼ੁਭ ਆਰੰਭ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਅਰਦਾਸ ਉਪਰੰਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਇਤਿਹਾਸਕ ਅਸਥਾਨ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਸੰਗਤ ਦੇ ਸਹਿਯੋਗ ਨਾਲ ਗੁਰੂ ਦਰਬਾਰ ਤਿਆਰ ਕੀਤਾ ਹੈ। ਇਕ ਵਿਸ਼ੇਸ਼ ਸਮਾਗਮ ਦੌਰਾਨ ਗੁਰੂਆਰਾ ਗੁਰੂ ਨਾਨਕ ਘਾਟ ਦੀ ਨਵੀਂ ਇਮਾਰਤ ਸੰਗਤ ਅਰਪਣ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਆਦਿ ਮੌਜੂਦ ਸਨ। ਇਸ ਸਮੇਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ‘ਤੇ ਨਵੇਂ ਦਰਬਾਰ ਦਾ ਸ਼ੁਭ ਆਰੰਭ ਕਰਨਾ ਮੁਬਾਰਕ ਕਾਰਜ ਹੈ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਇਸ ਗੁਰੂ ਘਰ ਦੀ ਇਮਾਰਤ ਤਿਆਰ ਕਰਨ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਗੁਰੂ ਸਾਹਿਬ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਵੱਧ ਤੋਂ ਵੱਧ ਸਹਿਯੋਗ ਲਈ ਪ੍ਰੇਰਿਤ ਕੀਤਾ। ਸਿੰਘ ਸਾਹਿਬਾਨ ਨੇ ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਨੂੰ ਜੀਵਨ ਦਾ ਹਿੱਸਾ ਬਨਾਉਣ ਅਤੇ ਬਾਣੀ ਤੇ ਬਾਣੀ ਨਾਲ ਜੁੜਨ ਦੀ ਵੀ ਪ੍ਰੇਰਣਾ ਕੀਤੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਨੇ ਗੁਰ-ਇਤਿਹਾਸ ਸਾਂਝਾ ਕੀਤਾ। ਇਸ ਮੌਕੇ ਸਿੰਘ ਸਾਹਿਬਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਇੰਦੌਰ ਤੋਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਕਾਫਲੇ ਦੇ ਰੂਪ ਵਿਚ ਉਜੈਨ ਪੁੱਜੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਰਨੈਲ਼ ਸਿੰਘ ਕਰਤਾਰਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਬਲਦੇਵ ਸਿੰਘ ਚੂੰਘਾ, ਸ. ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਕੁਲਵੰਤ ਸਿੰਘ ਮੰਨਣ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਾਵਾ ਸਿੰਘ ਗੁਮਾਨਪੁਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ, ਬਾਬਾ ਸੋਹਣ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਘੋਲਾ ਸਿੰਘ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ, ਗਿਆਨੀ ਰਣਜੀਤ ਸਿੰਘ ਦਿੱਲੀ, ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਪੀ.ਏ., ਸ. ਨਵਇੰਦਰਪ੍ਰੀਤ ਸਿੰਘ, ਸ. ਗੁਰਮੀਤ ਸਿੰਘ ਸੈਣੀ, ਸ. ਗੁਰਦੀਪ ਸਿੰਘ ਭਾਟੀਆ, ਸ. ਪ੍ਰਿਤਪਾਲ ਸਿੰਘ ਭਾਟੀਆ, ਸ. ਅਮਰਜੀਤ ਸਿੰਘ ਬੰਗਾ, ਸ. ਸੁਰਿੰਦਰਪਾਲ ਸਿੰਘ, ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਸ. ਇੰਦਰਪਾਲ ਸਿੰਘ, ਸ. ਸੁਰਿੰਦਰ ਸਿੰਘ ਅਰੌੜਾ ਆਦਿ ਮੌਜੂਦ ਸਨ।