ਅੰਮ੍ਰਿਤਸਰ, ੨੩ ਜੁਲਾਈ- ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ੨ ਜੂਨ ੨੦੧੯ ਨੂੰ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋਇਆ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਝ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਅਤੇ ਨਗਰ ਕੀਰਤਨ ‘ਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੁ ਬਖ਼ਸ਼ਿਸ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਦਲ ਬਾਬਾ ਬਿਧੀ ਚੰਦ ਦੇ ਮੁੱਖ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਬਲਬੀਰ ਸਿੰਘ, ਸ. ਮਨਪ੍ਰੀਤ ਸਿੰਘ ਕੋਆਰਡੀਨੇਟਰ, ਸ. ਡੀ.ਪੀ. ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਮੌਜੂਦ ਸਨ। ਦੱਸਣਯੋਗ ਹੈ ਕਿ ਇਹ ਨਗਰ ਕੀਰਤਨ ੧੮ ਜੁਲਾਈ ਨੂੰ ਪੰਜਾਬ ਦਾਖ਼ਲ ਹੋਣ ਮਗਰੋਂ ਪਟਿਆਲਾ, ਸਰਹਿੰਦ, ਲੁਧਿਆਣਾ, ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਸ੍ਰੀ ਤਰਨ ਤਾਰਨ ਸਾਹਿਬ ਤੋਂ ਹੁੰਦਾ ਹੋਇਆ ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜਾ ਸੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਗਰ ਕੀਰਤਨ ਦੇ ਪ੍ਰਬੰਧਕਾਂ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਸ ਨਗਰ ਕੀਰਤਨ ਨਾਲ ਸੰਗਤਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਇਕਬਾਲ ਸਿੰਘ ਮੁਖੀ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਹੀਰਾ ਸਿੰਘ ਆਦਿ ਹਾਜ਼ਰ ਸਨ।