ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਗੁਰਦੁਆਰਾ ਪੱਥਰ ਸਾਹਿਬ ਲੇਹ ਨਾਲ ਛੇੜਛਾੜ ਬਰਦਾਸ਼ਤ ਨਹੀਂ -ਭਾਈ ਲੌਂਗੋਵਾਲ

ਅੰਮ੍ਰਿਤਸਰ, ੮ ਅਪ੍ਰੈਲ- ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਥਾਨ ਗੁਰਦੁਆਰਾ ਪੱਥਰ ਸਾਹਿਬ ਲੇਹ ਵਿਖੇ ਰੈਨੋਵੇਸ਼ਨ ਦੇ ਨਾਂ ‘ਤੇ ਸਿੱਖ ਵਿਰਾਸਤ ਅਤੇ ਚਿੰਨ੍ਹਾਂ ਨੂੰ ਮਿਟਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਜੰਮੂ ਕਸ਼ਮੀਰ ਦੇ ਗਵਰਨਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਦਖ਼ਲ ਦਿੱਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਨਾਲ ਕਿਸੇ ਕਿਸਮ ਦੀ ਛੇੜਛਾੜ ਨੂੰ ਰੋਕਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਵਿਚ ਮੋਹਰੀ ਰੋਲ ਅਦਾ ਕੀਤਾ, ਪਰ ਅਫਸੋਸ ਕਿ ਸਿੱਖਾਂ ਦੇ ਪਾਵਨ ਅਸਥਾਨਾਂ ਨੂੰ ਸਿੱਖਾਂ ਤੋਂ ਦੂਰ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਕੌਮ ਅੰਦਰ ਰੋਸ ਤੇ ਰੋਹ ਵਧੇਗਾ, ਇਸ ਲਈ ਭਾਰਤ ਸਰਕਾਰ, ਮਾਨਯੋਗ ਰਾਸ਼ਟਰਪਤੀ ਤੇ ਫੌਜ ਮੁਖੀ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ। ਉਨ੍ਹਾਂ ਕਿਹਾ ਕਿ ਭਾਰਤ ਅੰਦਰ ਘੱਟ ਗਿਣਤੀਆਂ ਨਾਲ ਧੱਕਾ ਦੇਸ਼ ਦੇਸ਼ ਦੇ ਸਰੋਕਾਰਾਂ ਦੇ ਵਿਰੁੱਧ ਹੈ ਅਤੇ ਗੈਰ ਮਨੁੱਖੀ ਵੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪੱਥਰ ਸਾਹਿਬ ਲੇਹ ਦਾ ਪ੍ਰਬੰਧ ਸੰਗਤ ਨੂੰ ਦੇਣ ਲਈ ਮੰਗ ਕਰ ਚੁਕੀ ਹੈ ਅਤੇ ਇਸ ਦਿਸ਼ਾਂ ਵਿਚ ਵੀ ਭਾਰਤ ਸਰਕਾਰ ਨੂੰ ਸੋਚਣਾ ਚਾਹੀਦਾ ਹੈ, ਤਾਂ ਜੋ ਇਸ ਇਤਿਹਾਸਕ ਅਸਥਾਨ ਦਾ ਪ੍ਰਬੰਧ ਸੰਗਤੀ ਭਾਵਨਾ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਉਸੇ ਰੂਪ ਵਿਚ ਕਾਇਮ ਰਹਿਣਾ ਚਾਹੀਦਾ ਹੈ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਭਾਰਤ ਦੇ ਰਾਸ਼ਟਰਪਤੀ, ਫੌਜ ਮੁਖੀ, ਭਾਰਤ ਸਰਕਾਰ ਤੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਰਾਬਤਾ ਕਾਇਮ ਕਰੇਗੀ।