ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਿੰਘ ਸਾਹਿਬਾਨ ਆਰੰਭਤਾ ਸਮੇਂ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ

ਅੰਮ੍ਰਿਤਸਰ, ੨੯ ਮਾਰਚ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਸਰੋਵਰ ਦੀ ਕਾਰ ਸੇਵਾ ੩੧ ਮਾਰਚ ਨੂੰ ਕਰਵਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ ਅਤੇ ਇਸ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ‘ਤੇ ਪਹੁੰਚਣਗੀਆਂ। ਉਨ੍ਹਾਂ ਦੱਸਿਆ ਕਿ ਕਾਰ ਸੇਵਾ ਦੌਰਾਨ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ। ਸ. ਬੇਦੀ ਅਨੁਸਾਰ ਕਾਰ ਸੇਵਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ।