ਅੰਮ੍ਰਿਤਸਰ 9 ਜੁਲਾਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਅਤੇ ਸੱਚ, ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਸਿੰਘ ਨੇ ਕੀਤੀ।

ਇਸ ਮੌਕੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ ਅਤੇ ਉਨ੍ਹਾਂ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੇ ਸਿੱਖੀ ਦੀ ਚੜ੍ਹਦੀ ਕਲਾ ਲਈ ਪਾਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ। ਇਸ ਉਪਰੰਤ ਸਜਾਏ ਗਏ ਦੀਵਾਨ ਵਿਚ ਸਿੱਖ ਕੌਮ ਦੇ ਕਵੀਸ਼ਰ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਭਾਈ ਮਨੀ ਸਿੰਘ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਐਡੀਸ਼ਨਲ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਕਰਤਾਰ ਸਿੰਘ ਤੇ ਸ. ਮਨਜੀਤ ਸਿੰਘ ਅਤੇ ਹੋਰ ਮੌਜੂਦ ਸਨ।