ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ. ਯਾਤਰੀ ਨਿਵਾਸ ਐਡਵੋਕੇਟ ਧਾਮੀ ਨੇ ਕੀਤਾ ਸੰਗਤ ਅਰਪਣ
ਅੰਮ੍ਰਿਤਸਰ, 3 ਅਪ੍ਰੈਲ-
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਰੁਪਏ ਦਾ ਸਲਾਨਾ ਬਜਟ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਇਸ ਸਬੰਧੀ ਹੋਈ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਨਾਗਰ ਸਿੰਘ, ਸ. ਜੋਗਾ ਸਿੰਘ, ਸ. ਹਰਭਜਨ ਸਿੰਘ, ਸ. ਹਰਪ੍ਰੀਤ ਸਿੰਘ ਤੇ ਸ. ਕਰਮਵੀਰ ਸਿੰਘ ਆਦਿ ਹਾਜ਼ਰ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਸਾਲ 2025-26 ਲਈ 16 ਕਰੋੜ 20 ਲੱਖ ਰੁਪਏ ਦਾ ਬਜਟ ਪਾਸ ਕਰਦਿਆਂ ਗੁਰੂ ਘਰ ਦੀਆਂ ਨਵੀਆਂ ਬਣ ਰਹੀਆਂ ਇਮਾਰਤਾਂ ਦੀ ਉਸਾਰੀ, ਪੁਰਾਣੀਆਂ ਇਮਾਰਤਾਂ ਦੇ ਰੱਖ-ਰਖਾਅ, ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਮੁਫਤ ਡਿਸਪੈਂਸਰੀ, ਪ੍ਰਬੰਧ ਵਾਲੇ ਸਕੂਲਾਂ ਅਤੇ ਹੋਰ ਸੰਸਥਾਵਾਂ ਲਈ ਵਿਸ਼ੇਸ਼ ਫੰਡ ਰਾਖਵੇਂ ਰੱਖਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਗੁਰਦੁਆਰਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਦਿਨ-ਤਿਉਹਾਰ, ਪ੍ਰਕਾਸ਼ ਦਿਹਾੜੇ ਅਤੇ ਹੋਰ ਸਮਾਗਮਾਂ ਨੂੰ ਪਹਿਲਾਂ ਵਾਂਗ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਨਾਲ ਨਾਲ ਸੰਗਤਾਂ ਦੀ ਸਹੂਲਤ ਲਈ ਨਿਵਾਸ ਸਥਾਨਾਂ ਵਾਸਤੇ ਜ਼ਮੀਨ ਖਰੀਦ ਕਰਨ ਅਤੇ ਲੰਗਰ ਦੇ ਪ੍ਰਬੰਧ ਲਈ ਨਿਯਮਾਂ ਅਨੁਸਾਰ ਖਰੀਦ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਕਮੇਟੀ ਦੇ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਸ. ਹਰਭਜਨ ਸਿੰਘ ਨੂੰ ਮੀਤ ਪ੍ਰਧਾਨ ਅਤੇ ਸ. ਹਰਪ੍ਰੀਤ ਸਿੰਘ ਰਤਨ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ, ਕਾਰ ਸੇਵਾ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਣਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ. ਯਾਤਰੀ ਨਿਵਾਸ ਨੂੰ ਸੰਗਤ ਅਰਪਣ ਕੀਤਾ। ਇਸ ਆਧੁਨਿਕ ਯਾਤਰੀ ਨਿਵਾਸ ਵਿੱਚ 56 ਏਅਰ-ਕੰਡੀਸ਼ਨਡ ਕਮਰੇ ਹਨ, ਜਿਨ੍ਹਾਂ ਨਾਲ ਅਟੈਚਡ ਬਾਥਰੂਮ ਦੀ ਸਹੂਲਤ ਹੈ। ਸੰਗਤਾਂ ਦੀ ਸਹੂਲਤ ਲਈ ਬਿਲਡਿੰਗ ਦੀ ਬੇਸਮੈਂਟ ਵਿੱਚ ਪਾਰਕਿੰਗ ਤਿਆਰ ਕੀਤੀ ਗਈ ਹੈ। ਇਸ ਇਮਾਰਤ ਪਹਿਲੀ ਮੰਜ਼ਿਲ ’ਤੇ ਦੁਕਾਨਾਂ ਅਤੇ ਬੈਂਕ ਦੀ ਸਹੂਲਤ ਦਿੱਤੀ ਗਈ ਹੈ, ਜਦਕਿ ਬਾਕੀ ਦੋ ਮੰਜ਼ਿਲਾਂ ’ਤੇ ਯਾਤਰੀ ਨਿਵਾਸ ਸਥਾਪਿਤ ਕੀਤਾ ਗਿਆ ਹੈ। ਸੰਗਤਾਂ ਆਪਣੀ ਸਹੂਲਤ ਅਨੁਸਾਰ ਇਸ ਯਾਤਰੀ ਨਿਵਾਸ ਵਿੱਚ ਆਨਲਾਈਨ ਕਮਰੇ ਬੁੱਕ ਕਰ ਸਕਦੀਆਂ ਹਨ। ਇਸੇ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਗੁਰਦੁਆਰਾ ਸਾਹਿਬ ਦੀ ਅਧਿਕਾਰਤ ਵੈਬਸਾਈਟ www.gurudwarapaontasahib.in ਵੀ ਲੋਕ ਅਰਪਣ ਕੀਤੀ।