ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ਬੀਬੀਆਂ ਨੇ ਕੀਤੀ ਸ਼ਮੂਲੀਅਤ

ਬੀਬੀਆਂ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਸਮਾਜ ਨੂੰ ਕੁਰੀਤੀਆਂ ਰਹਿਤ ਬਣਾਉਣ ਲਈ ਅੱਗੇ ਆਉਣ-ਬੀਬੀ ਜਗੀਰ ਕੌਰ

ਅੰਮ੍ਰਿਤਸਰ, ੨੫ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ‘ਬੇਬੇ ਨਾਨਕੀ ਜੀ ਗੁਰਮਤਿ ਸਮਾਗਮ’ ਕਰਵਾਇਆ ਗਿਆ। ਇਸ ਸਮਾਗਮ ਵਿਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਮਹਾਰਾਸ਼ਟਰ ਇਕਾਈ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਪਰਮਜੀਤ ਕੌਰ ਪਿੰਕੀ ਸਮੇਤ ੬੦ ਬੀਬੀਆਂ ਦਾ ਜਥਾ ਵੀ ਸਮਾਗਮ ਵਿਚ ਪਹੁੰਚਿਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਵਿਚ ਬੀਬੀਆਂ ਦਾ ਵਿਲੱਖਣ ਅਤੇ ਅਹਿਮ ਸਥਾਨ ਹੈ। ਉਨ੍ਹਾਂ ਬੇਬੇ ਨਾਨਕੀ ਜੀ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਹ ਸਿੱਖ ਧਰਮ ਦੇ ਪਹਿਲੇ ਪ੍ਰਚਾਰਕ ਸਨ ਅਤੇ ਵਰਤਮਾਨ ਸਮੇਂ ਅੰਦਰ ਭੈਣਾਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਨੂੰ ਕੁਰੀਤੀਆਂ ਤੋਂ ਰਹਿਤ ਬਣਾਉਣ ਲਈ ਯੋਗਦਾਨ ਪਾਉਣ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸਤਰੀ ਅਕਾਲੀ ਦਲ ਇਸ ਲਹਿਰ ਦੀ ਸਫਲਤਾ ਲਈ ਹਮੇਸ਼ਾ ਅੱਗੇ ਹੋ ਕੇ ਕਾਰਜ ਕਰੇਗਾ ਅਤੇ ਸਮੇਂ-ਸਮੇਂ ਇਸਤਰੀ ਅਕਾਲੀ ਦਲ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਸਮਾਗਮ ਕਰਵਾਏ ਜਾਂਦੇ ਰਹਿਣਗੇ। ਬੀਬੀ ਜਗੀਰ ਕੌਰ ਨੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਪੰਜਾਬ ਭਰ ‘ਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਅਤੇ ਮਹਾਰਾਸ਼ਟਰ ਇਕਾਈ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਪਿੰਕੀ ਨੇ ਵਿਚਾਰ ਸਾਂਝੇ ਕਰਦਿਆਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਬੱਚਿਆਂ ਅਤੇ ਨੌਜੁਆਨਾਂ ਨੂੰ ਗੁਰਮਤਿ ਰਹਿਣੀ ਦੇ ਧਾਰਨੀ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਸਤਰੀ ਅਕਾਲੀ ਦਲ ਵੱਲੋਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਮੈਂਬਰ ਬੀਬੀ ਗੁਰਪ੍ਰੀਤ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਜੋਗਿੰਦਰ ਕੋਰ, ਮਹਾਰਾਸ਼ਟਰ ਤੋਂ ਪ੍ਰਧਾਨ ਬੀਬੀ ਪਰਮਜੀਤ ਕੌਰ ਪਿੰਕੀ ਅਤੇ ਅੰਮ੍ਰਿਤਸਰ ਇਕਾਈ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਸਾਂਝੇ ਤੌਰ ‘ਤੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਭਾਈ ਸੰਦੀਪ ਸਿੰਘ ਤੇ ਬੀਬੀ ਅਮਰਜੀਤ ਕੌਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਬੀਬੀ ਹਰਪ੍ਰੀਤ ਕੌਰ ਪ੍ਰਚਾਰਕ, ਬੀਬੀ ਸਰਬਜੀਤ ਕੌਰ ਪ੍ਰਚਾਰਕ ਅਤੇ ਬੀਬੀ ਰੁਪਿੰਦਰ ਕੌਰ ਪ੍ਰਚਾਰਕ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਰਾਜਵਿੰਦਰ ਕੌਰ ਰਾਜ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਕਰਮਜੀਤ ਕੌਰ ਬਰਾੜ, ਬੀਬੀ ਸ਼ਰਨਜੀਤ ਕੌਰ, ਬੀਬੀ ਸੁਖਦੇਵ ਕੌਰ, ਬੀਬੀ ਦਰਸ਼ਨ ਕੌਰ, ਪੂਨਮ ਅਰੋੜਾ, ਕਿਰਨ ਸ਼ਰਮਾ, ਬੀਬੀ ਦਵਿੰਦਰ ਕੌਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ, ਬੀਬੀ ਵਜਿੰਦਰ ਕੌਰ ਵੇਰਕਾ, ਬੀਬੀ ਗੁਰਮਿੰਦਰ ਕੌਰ, ਬੀਬੀ ਹਰਭਜਨ ਕੌਰ ਬਾਵਾ, ਬੀਬੀ ਹਰਪ੍ਰੀਤ ਕੌਰ ਪ੍ਰਚਾਰਕ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਗੁਰਦਿਆਲ ਸਿੰਘ, ਸ. ਸਵਰਣ ਸਿੰਘ ਜੋਸ਼, ਭਾਈ ਸੁਰਜੀਤ ਸਿੰਘ ਸਭਰਾ ਪ੍ਰਚਾਰਕ ਤੇ ਸ. ਜਗਦੇਵ ਸਿੰਘ ਪ੍ਰਚਾਰਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।