ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵਿੱਚ ੨੬੯ ਪ੍ਰਾਣੀ ਗੁਰੂ ਵਾਲੇ ਬਣੇ


ਅੰਮ੍ਰਿਤਸਰ, ੦੧ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਫਤਾਵਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸ਼ਮਸ਼ੇਰ ਸਿੰਘ ਦੇ ਢਾਡੀ ਜਥੇ ਤੇ ਭਾਈ ਗੁਰਜੀਤ ਸਿੰਘ ਦੇ ਕਵੀਸ਼ਰ ਜਥੇ ਨੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਤੋਂ ਇਲਾਵਾ ਪ੍ਰਚਾਰਕ ਭਾਈ ਬਲਵੰਤ ਸਿੰਘ, ਭਾਈ ਸੁਰਜੀਤ ਸਿੰਘ ਸਭਰਾ, ਭਾਈ ਲਵਪ੍ਰੀਤ ਸਿੰਘ ਤੇ ਭਾਈ ਇੰਦਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮਾਜ ਵਿੱਚੋਂ ਕੁਰੀਤੀਆਂ ਦੇ ਖ਼ਾਤਮੇ ਲਈ ਗੁਰਬਾਣੀ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣ ਕੇ ਇਸ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਪ੍ਰੇਰਣਾ ਵੀ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਵਿੱਚ ੨੬੯ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ।
ਸਮਾਗਮ ਸਮੇਂ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਰਜਿੰਦਰ ਸਿੰਘ, ਸ. ਨਿਰੰਜਨ ਸਿੰਘ ਸੁਪਰਵਾਈਜ਼ਰ, ਭਾਈ ਤਰਸੇਮ ਸਿੰਘ, ਭਾਈ ਹੀਰਾ ਸਿੰਘ, ਸ. ਜਤਿੰਦਰ ਸਿੰਘ ਲਾਲੀ ਸਮੇਤ ਸੰਗਤਾਂ ਮੌਜੂਦ ਸਨ।