ਅੰਮ੍ਰਿਤਸਰ, ੨੧ ਅਪ੍ਰੈਲ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਪ੍ਰਭੂ ਭਰੋਸੇ ਦਾ ਲਖਾਇਕ ਹੈ। ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸੁਸ਼ੋਭਿਤ ਪਾਵਨ ਬਾਣੀ ਤੋਂ ਮਨੁੱਖ ਮਾਤਰ ਨੂੰ ਸੁਚੱਜਾ ਜੀਵਨ ਜਿਊਣ ਦੀ ਸੇਧ ਮਿਲਦੀ ਹੈ। ਗੁਰੂ ਸਾਹਿਬ ਅਤੇ ਪਰਮਾਤਮਾ ਪ੍ਰਤੀ ਸਮਰਪਣ ਭਾਵਨਾ ਦੀ ਪ੍ਰੇਰਣਾ ਲਈ ਭਗਤ ਧੰਨਾ ਜੀ ਦਾ ਜੀਵਨ ਅਗਵਾਈ ਦੇਣ ਵਾਲਾ ਹੈ। ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ ਅਤੇ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਸੰਗਤਾਂ ਹਾਜ਼ਰ ਸਨ।