ਅੰਮ੍ਰਿਤਸਰ, 30 ਅਪ੍ਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਪੰਥ ਪ੍ਰਸਿੱਧ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ ਅਤੇ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ। ਉਨ੍ਹਾਂ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ।
ਸ. ਜੌੜਾਸਿੰਘਾ ਨੇ ਕਿਹਾ ਕਿ ਇਸ ਮਹਾਨ ਸੂਰਬੀਰ ਯੋਧੇ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਨੌਜੁਆਨਾਂ ਤੇ ਬੱਚਿਆਂ ਨੂੰ ਸਰਦਾਰ ਹਰੀ ਸਿੰਘ ਨਲਵਾ ਜਿਹੇ ਯੋਧਿਆਂ ਦੇ ਜੀਵਨ ਇਤਿਹਾਸ ਨਾਲ ਜੋੜ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।