ਅੰਮ੍ਰਿਤਸਰ, 5 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ।

ਉਨ੍ਹਾਂ ਕਿਹਾ ਕਿ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਨਿਸ਼ਾਨ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਸੰਗਤਾਂ ਹਾਜਰ ਸਨ।