ਅੰਮ੍ਰਿਤਸਰ, 23 ਮਈ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ। ਇਹ ਪੁਸਤਕ ਸ. ਰਣਧੀਰ ਸਿੰਘ ਸੰਭਲ ਵੱਲੋਂ ਲਿਖੀ ਗਈ ਹੈ, ਜਿਸ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਵੱਲੋਂ ਛਪਵਾਇਆ ਗਿਆ ਹੈ।
ਪੁਸਤਕ ਸਬੰਧੀ ਗੱਲਬਾਤ ਕਰਦਿਆਂ ਸ. ਰਣਧੀਰ ਸਿੰਘ ਸੰਭਲ ਨੇ ਕਿਹਾ ਕਿ ਨਵਾਂ ਸ਼ਹਿਰ ਜ਼ਿਲ੍ਹੇ ਅੰਦਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹ ਨੌਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਹੈ, ਜਿਸ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਇਹ ਪੁਸਤਕ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਇਸ ਪੁਸਤਕ ਰਾਹੀਂ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਹੋਣਗੀਆਂ। ਇਸ ਮੌਕੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਪ੍ਰਜਿੰਦਰ ਸਿੰਘ ਆਦਿ ਹਾਜ਼ਰ ਸਨ।