ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਸ਼ੁੱਕਰਵਾਰ, ੧੨ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੬ ਜੂਨ, ੨੦੨੬ (ਅੰਗ: ੭੩੧)


ਅੰਮ੍ਰਿਤਸਰ, 21 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਸ. ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।