ਅੰਮ੍ਰਿਤਸਰ 7 ਸਤੰਬਰ (      ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ 17 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਆਰੰਭ ਹੋਵੇਗੀ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਬੀੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਈ ਗੁਰਦਾਸ ਜੀ ਤੋਂ ਲਿਖਵਾਈ ਸੀ ਜਿਸ ਦਾ 1604 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕੀਤਾ ਗਿਆ।

ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿੱਚ ਪਾਸ ਹੋਏ ਮਤਾ ਨੰਬਰ 513 ਮਿਤੀ 11-09-2013 ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਧਾਰਮਿਕ ਪ੍ਰੰਪਰਾਵਾਂ ਅਨੁਸਾਰ 17 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਸਮੇਂ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਤੋਂ ਇਲਾਵਾ ਸੰਤ ਮਹਾਂਪੁਰਸ਼ ਅਤੇ ਵਿਸ਼ੇਸ਼ ਧਾਰਮਿਕ ਸ਼ਖਸੀਅਤਾਂ ਇਸ ਸੇਵਾ ਵਿੱਚ ਹਾਜ਼ਰੀ ਲਗਵਾਉਣਗੀਆਂ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਸਤਿਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।