ਅੰਮ੍ਰਿਤਸਰ, ੩੦ ਅਗਸਤ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਈ ਗਈ ਛਬੀਲ ਦਾ ਆਰੰਭ ਅੱਜ ਪੰਥਕ ਸ਼ਖ਼ਸੀਅਤਾਂ ਵੱਲੋਂ ਅਰਦਾਸ ਉਪਰੰਤ ਕੀਤਾ ਗਿਆ। ਛਬੀਲ ਨੂੰ ਤਿਆਰ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਰਭਜਨ ਸਿੰਘ ਭਲਵਾਨ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੀ ਵੱਡੀ ਮਹੱਤਤਾ ਹੈ। ਇਸ ਅਸਥਾਨ ’ਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਇਤਿਹਾਸਕ ਕਾਰਜ ਕੀਤਾ ਸੀ। ਇਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਜਿਨ੍ਹਾਂ ਨੂੰ ਇਸ ਛਬੀਲ ਦਾ ਭਰਪੂਰ ਲਾਭ ਹੋਵੇਗਾ। ਇਸ ਮੌਕੇ ਕਾਰਸੇਵਾ ਵਾਲੇ ਬਾਬਾ ਹਰਭਜਨ ਸਿੰਘ ਭਲਵਾਨ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਛਬੀਲ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ, ਬਾਬਾ ਸੁਬੇਗ ਸਿੰਘ ਕਾਰਸੇਵਾ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਭਾਈ ਯੁਗਰਾਜ ਸਿੰਘ, ਬਾਬਾ ਇੰਦਰਜੀਤ ਸਿੰਘ ਯੂ.ਕੇ., ਭਾਈ ਸਤਨਾਮ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਸੁਖਜਿੰਦਰ ਸਿੰਘ ਐਸ.ਡੀ.ਓ. ਸਮੇਤ ਹੋਰ ਮੌਜੂਦ ਸਨ।