ਅੰਮ੍ਰਿਤਸਰ, 23 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਗੁਰੂ ਸਾਹਿਬ ਨੇ ਹੱਕ, ਸੱਚ ਦੀ ਖ਼ਾਤਰ ਆਪਣੀ ਸ਼ਹਾਦਤ ਦਿੱਤੀ ਅਤੇ ਜਬਰ ਦਾ ਮੁਕਾਬਲਾ ਕਰਨ ਵਾਸਤੇ ਮਾਨਵਤਾ ਨੂੰ ਭੈਅ ਮੁਕਤ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।