ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੦ ਮਈ, ੨੦੨੫ (ਅੰਗ: ੬੩੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 3 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਪਣੀ ਮਸ਼ਹੂਰੀ ਲਈ ਹੋਰ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨਾਂ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਆਪਣੀਆਂ ਮਸ਼ਹੂਰੀਆਂ ਦੀ ਹੋਰ ਭਰਮਾਰ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਉੱਤੇ ਹੋਰ ਸਕ੍ਰੀਨਾਂ ਲਗਾਈਆਂ ਗਈਆਂ ਹਨ, ਜੋ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਚੌਗਿਰਦਾ ਧਾਰਮਿਕ ਮਾਹੌਲ ਵਾਲਾ ਹੁੰਦਾ ਹੈ, ਜਿੱਥੇ ਸੰਗਤ ਕੇਵਲ ਗੁਰੂ ਸਾਹਿਬ ਦੇ ਉਪਦੇਸ਼ ਸਰਵਣ ਕਰਨ ਲਈ ਆਉਂਦੀ ਹੈ। ਇੱਥੇ ਕੇਵਲ ਗੁਰਬਾਣੀ ਦਾ ਉਜਾਲਾ ਹੋਣਾ ਚਾਹੀਦਾ ਹੈ ਨਾ ਕਿ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਦਾ ਹਨੇਰਾ। ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਵੱਲੋਂ ਗੁਰੂ ਘਰਾਂ ਦੇ ਆਲੇ-ਦੁਆਲੇ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਲਗਾਈ ਗਈ ਸਕ੍ਰੀਨ ਸਬੰਧੀ ਇਤਰਾਜ਼ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਅਤੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਰਕਾਰ ਦੀਆਂ ਮਸ਼ਹੂਰੀਆਂ ਲਈ ਲਗਾਈਆਂ ਇਨ੍ਹਾਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ।