ਭਾਈ ਲੌਂਗੋਵਾਲ ਗੁਰਬਾਣੀ ਸੰਥਿਆ ਲੈਣ ਵਾਲੇ ਸਿੰਘਾਂ ਨੂੰ ਕਰਨਗੇ ਸਨਮਾਨਿਤ

ਅੰਮ੍ਰਿਤਸਰ, ੧੭ ਮਈ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ੧੭ ਅਪ੍ਰੈਲ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਭਲਕੇ ੧੮ ਮਈ ਨੂੰ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਲਹਿਰ ਤਹਿਤ ਮਾਝਾ, ਮਾਲਵਾ ਅਤੇ ਦੁਆਬਾ ਜੋਨਾਂ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ ਕੀਤੇ ਗਏ ਸਨ ਅਤੇ ਮਾਝਾ ਜੋਨ ਦੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਭਲਕੇ ੧੮ ਮਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਪਤੀ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਮੂਲੀਅਤ ਕਰਕੇ ਗੁਰਬਾਣੀ ਦੀ ਮੁਕੰਮਲ ਸੰਥਿਆ ਲੈਣ ਵਾਲੀ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਸਨਮਾਨ ਪੱਤਰ ਦੇਣਗੇ। ਉਨ੍ਹਾਂ ਦੱਸਿਆ ਕਿ ਸਮਾਪਤੀ ਸਮਾਗਮ ਸਵੇਰੇ ੧੧ ਵਜੇ ਹੋਵੇਗਾ।