ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਨਗਰ ਨਿਗਮ ਮੇਅਰ ਵੱਲੋਂ ਬੈਠਕ ਦੌਰਾਨ ਪ੍ਰਗਟਾਈ ਸਹਿਮਤੀ

ਅੰਮ੍ਰਿਤਸਰ ੨੮ ਸਤੰਬਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ‘ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਈ ਜਾਵੇਗੀ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਵੱਲੋਂ ਇੱਕ ਮੀਟਿੰਗ ਵਿਚ ਸਾਂਝੇ ਤੌਰ ‘ਤੇ ਲਿਆ ਗਿਆ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਮਾਰਗਾਂ ਦੀ ਹਾਲਤ ਸੁਧਾਰਨ, ਸਾਫ਼-ਸਫ਼ਾਈ ਦਾ ਪ੍ਰਬੰਧ ਕਰਵਾਉਣ, ਸੀਵਰੇਜ ਤੇ ਬਿਜਲੀ ਦੇ ਬਿਹਤਰ ਪ੍ਰਬੰਧ ਕਰਨ ਅਤੇ ਦੁਕਾਨਦਾਰਾਂ ਵੱਲੋਂ ਬਾਹਰ ਵਧਾਏ ਗਏ ਸਮਾਨ ਅੰਦਰ ਕਰਵਾਉਣ ਲਈ ਕਿਹਾ, ਜਿਸ ‘ਤੇ ਮੇਅਰ ਸ. ਰਿੰਟੂ ਨੇ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਇਸ ਸਬੰਧੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਮੌਕੇ ਅੰਮ੍ਰਿਤਸਰ ਦੇ ਇਤਿਹਾਸਕ ੧੨ ਗੇਟਾਂ, ਬੱਸ ਅੱਡਾ, ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਵਿਰਾਸਤੀ ਮਾਰਗ ਨੂੰ ਸ਼ਿੰਗਾਰਿਆ ਜਾ ਰਿਹਾ ਹੈ ਅਤੇ ਅਜਿਹਾ ਹੀ ਉੱਦਮ ਨਗਰ ਨਿਗਮ ਵੀ ਕਰੇ। ਇਸ ‘ਤੇ ਮੇਅਰ ਨੇ ਭਰੋਸਾ ਦਿੱਤਾ ਕਿ ਨਗਰ ਨਿਗਮ ਵੱਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦੇ ਰੂਟ ਵਾਲੀਆਂ ਸਾਰੀਆਂ ਸਰਕਾਰੀ ਬਿਲਡਿੰਗਾਂ ਨੂੰ ਰੌਸ਼ਨਾਇਆ ਜਾਵੇਗਾ ਅਤੇ ਨਗਰ ਕੀਰਤਨ ਦੇ ਰੂਟ ‘ਤੇ ਪੈਂਦੇ ਸਟਰੀਟ ਲਾਈਟਸ ਅਤੇ ਖੰਭਿਆਂ ਨੂੰ ਪੇਂਟ ਕਰਕੇ ਸ਼ਿੰਗਾਰਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵੱਲੋਂ ਸੜਕਾਂ ਦੀ ਟੁੱਟ ਭੱਜ ਸਬੰਧੀ ਮੇਅਰ ਦੇ ਧਿਆਨ ਵਿਚ ਲਿਆਉਣ ‘ਤੇ ਉਨ੍ਹਾਂ ਕਿਹਾ ਕਿ ਜਲਦੀ ਹੀ ਸਰਵੇ ਕਰਵਾ ਕੇ ਲੋੜ ਅਨੁਸਾਰ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ। ਇਸ ਸਬੰਧ ਵਿਚ ਮੇਅਰ ਸ. ਕਰਮਜੀਤ ਸਿੰਘ ਨੇ ਤੁਰੰਤ ਹਾਜ਼ਰ ਅਧਿਕਾਰੀਆਂ ਨੂੰ ਇਸ ਮਾਮਲੇ ‘ਤੇ ਧਿਆਨ ਦੇਣ ਦੀ ਹਦਾਇਤ ਕੀਤੀ ਅਤੇ ਲੋੜ ਅਨੁਸਾਰ ਜਲਦ ਕਾਰਜ ਆਰੰਭ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਫਿਲਹਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਨਗਰ ਕੀਰਤਨ ਦੇ ਰੂਟ ਦੀ ਸਾਫ ਸਫਾਈ ਕਰਵਾਈ ਜਾਵੇਗੀ ਅਤੇ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹਿਰ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਮੀਟਿੰਗ ਕੀਤੀ ਜਾਵੇਗੀ ਅਤੇ ਸਾਂਝੇ ਯਤਨਾਂ ਨਾਲ ਗੁਰੂ-ਨਗਰੀ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾਵੇਗਾ। ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਇਸ ਦੀ ਸਾਫ਼-ਸਫ਼ਾਈ ਬੇਹੱਦ ਜ਼ਰੂਰੀ ਹੈ, ਤਾਂ ਜੋ ਇਥੇ ਆਉਣ ਵਾਲੇ ਦੇਸ਼-ਵਿਦੇਸ਼ ਦੇ ਸ਼ਰਧਾਲੂ ਚੰਗਾ ਸੁਨੇਹਾ ਲੈ ਕੇ ਜਾਣ। ਉਨ੍ਹਾਂ ਨਗਰ ਨਿਗਮ ਮੇਅਰ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਅਤੇ ਲੋੜੀਂਦੇ ਕਾਰਜ ਤੁਰੰਤ ਕਰਵਾਉਣ ਦਾ ਭਰੋਸਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀ ਨਿਤਿਸ਼ ਸਿੰਗਲਾ ਸਮੇਤ ਹੋਰਨਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਸਾਬਕਾ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਨਗਰ ਨਿਗਮ ਦੇ ਐਸ.ਈ. ਸ੍ਰੀ ਅਨੁਰਾਗ ਮਹਾਜਨ, ਸ੍ਰੀ ਤਿਲਕ ਰਾਜ, ਐਕਸੀਅਨ ਸ੍ਰੀ ਨਰੇਸ਼, ਸ੍ਰੀ ਸਤਪਾਲ, ਸ. ਪ੍ਰਦੁਮਨ ਸਿੰਘ, ਐਕਸੀਅਨ ਸ. ਭੁਪਿੰਦਰ ਸਿੰਘ, ਸ. ਮਲਕੀਤ ਸਿੰਘ, ਫਾਈਰ ਬਗ੍ਰੇਡ ਅਫ਼ਸਰ ਸ. ਲਵਪ੍ਰੀਤ ਸਿੰਘ, ਐਸ.ਡੀ.ਓ. ਸ. ਰਣਜੀਤ ਸਿੰਘ, ਮੇਅਰ ਦੇ ਨਿੱਜੀ ਸਹਾਇਕ ਸ੍ਰੀ ਅਸ਼ੀਸ਼, ਸ੍ਰੀ ਦਰਬਾਰ ਸਾਹਿਬ ਦੇ ਸ. ਬਘੇਲ ਸਿੰਘ, ਸ. ਗੁਰਾ ਸਿੰਘ ਅਤੇ ਹੋਰ ਮੌਜੂਦ ਸਨ।