ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਭਰਵੀਂ ਆਮਦ ਸ਼ੁਰੂ 
ਅੰਮ੍ਰਿਤਸਰ, 24 ਅਕਤੂਬਰ-
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਦਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਸ਼ੁਰੂ ਹੋ ਗਈ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਮੁੱਚੇ ਸਮਗਾਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਅਸਥਾਨ ਬੇਸ਼ੱਕ ਚੂਨੀ ਮੰਡੀ ਲਾਹੌਰ ਪਾਕਿਸਤਾਨ ਵਿਖੇ ਹੈ ਪਰੰਤੂ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਹੋਣ ਕਰਕੇ ਉਨ੍ਹਾਂ ਦਾ ਪ੍ਰਕਾਸ਼ ਪੁਰਬ ਇਥੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਰਵਾਇਤ ਅਨੁਸਾਰ ਰਾਗ ਦਰਬਾਰ, ਧਾਰਮਿਕ ਦੀਵਾਨ, ਕਥਾ ਸਮਾਗਮ, ਕਵੀ ਦਰਬਾਰ ਤੇ ਸੁੰਦਰ ਜਲੌ ਤੋਂ ਇਲਾਵਾ ਕੁਝ ਵਿਸ਼ੇਸ਼ ਪ੍ਰੋਗਰਾਮ ਵੀ ਉਲੀਕੇ ਗਏ ਹਨ, ਜਿਨ੍ਹਾਂ ਵਿਚ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਉਣਾ, ਨਗਰ ਕੀਰਤਨ ਦਾ ਘੇਰਾ ਵਿਸ਼ਾਲ ਕਰਨਾ ਅਤੇ 52 ਕਿੱਤਾਕਾਰਾਂ ਤੇ ਲੋੜਵੰਦ ਤੇ ਲਾਇਕ ਵਿਦਿਆਰਥੀਆਂ ਦੀਆਂ ਪੂਰੇ ਸਾਲ ਦੀਆਂ ਫੀਸਾਂ ਦਾ ਪ੍ਰਬੰਧ ਕਰਨਾ ਵਿਸ਼ੇਸ਼ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਬਾਰਕ ਦਿਹਾੜੇ ਨੂੰ ਇਸ ਵਾਰ ਸਮਾਜਿਕ ਚੇਤਨਾ ਦੇ ਰੂਪ ਵਿਚ ਵੀ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰ ਵਿਚ ਬੂਟੇ ਲਗਾਉਣ ਅਤੇ ਸਾਫ ਸਫਾਈ ਲਈ ਪ੍ਰੇਰਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੋਂ ਇਲਾਵਾਂ ਵੱਖ ਵੱਖ ਸਭਾ ਸੁਸਾਇਟੀਆਂ, ਵਿਦਿਅਕ ਅਦਾਰਿਆਂ ਤੇ ਸੰਗਤ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਹਿਰ ਨਿਵਾਸੀ ਪੈਦਲ ਚੱਲ ਕੇ ਆਉਣ ਨੂੰ ਤਰਜੀਹ ਦੇਣ ਤਾਂ ਜੋ ਟਰੈਫਿਕ ਦੀ ਸਮੱਸਿਆ ਨਾ ਬਣੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਮੂਹ ਮੁਲਾਜਮਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖਲ਼ੇ ਇਕੱਤਰਤਾ ਕੀਤੀ ਅਤੇ ਹੋਣ ਵਾਲੇ ਸਮਾਗਮਾਂ ਵਿਚ ਸੇਵਾਵਾਂ ਸਬੰਧੀ ਨਿਰਦੇਸ਼ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ ਆਦਿ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕੀਤੀ ਗਈ। ਫੁੱਲਾਂ ਦੀ ਸਜ਼ਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਜਾ ਰਹੀ ਇਹ ਫੁੱਲਾਂ ਕੀਤੀ ਜਾ ਰਹੀ ਸਜ਼ਾਵਟ ਲਈ ਵਰਤੇ ਜਾਣ ਵਾਲੇ ਫੁੱਲਾਂ ਵਿਚ ਕੁਝ ਵਿਦੇਸ਼ੀ ਅਤੇ ਕੁਝ ਦੇਸੀ ਫੁੱਲ ਹੋਣਗੇ। ਉਨ੍ਹਾਂ ਦੱਸਿਆ ਕਿ ਐਨਥੋਡੀਅਮ, ਔਰਕਿੰਡ, ਲਿੱਲੀ, ਕਾਰਨੇਸ਼ਨ, ਡੇਜ਼ੀ, ਗਰੀਨ ਲੀਵਸ, ਕਲੀ, ਗੁਲਦੋਦੀ, ਗੁਲਾਬ, ਮੋਗਰਾ ਆਦਿ ਕਿਸਮਾਂ ਦੇ ਫੁੱਲ ਸਿੰਘਾਪੁਰ, ਥਾਈਲੈਂਡ, ਮਲੇਸ਼ੀਆ, ਬੈਂਗਲੋਰ, ਮੁੰਬਈ, ਕਲਕੱਤਾ, ਪੂਨਾ ਅਤੇ ਦਿੱਲੀ ਆਦਿ ਤੋਂ ਮੰਗਵਾਏ ਗਏ ਹਨ। ਡਾ. ਰੂਪ ਸਿੰਘ ਅਨੁਸਾਰ ਫੁੱਲਾਂ ਦੀ ਸਜਾਵਟ ਦੀ ਸੇਵਾ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਅਤੇ ਇਸ ਕਾਰਜ ਲਈ ਇੱਕ ਸੌ ਕਾਰੀਗਰ ਅਤੇ ਸੌ ਸੇਵਾਦਾਰ ਲੱਗੇ ਹੋਏ ਹਨ।