ਅੰਮ੍ਰਿਤਸਰ, ੪ ਅਕਤੂਬਰ- ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ਼ਹਿਰ ਵਾਸੀਆਂ ਨੂੰ ਭਰਵੀਂ ਸ਼ਮੂਲੀਅਤ ਅਤੇ ਘਰਾਂ ਅੰਦਰ ਦੀਪਮਾਲਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਪ੍ਰਸ਼ਾਸਨ ਨਾਲ ਵੀ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਲਈ ਰਾਬਤਾ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਜਿਥੇ ਮੰਗਲਵਾਰ ਨੂੰ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨਾਲ ਮੀਟਿੰਗ ਕੀਤੀ ਗਈ, ਉਥੇ ਹੀ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੰਮ੍ਰਿਤਸਰ ਦੇ ਡੀ.ਸੀ.ਪੀ. ਸ. ਜਗਮੋਹਨ ਸਿੰਘ ਤੇ ਹੋਰਾਂ ਨਾਲ ਬੈਠਕ ਕਰਕੇ ਆਵਾਜਾਈ ਦੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾਂ ਕੀਤਾ। ਇਕੱਤਰਤਾ ਮੌਕੇ ਪੁਲਿਸ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ੧੪ ਅਕਤੂਬਰ ਨੂੰ ਅੰਮ੍ਰਿਤਸਰ ਸ਼ਹਿਰ ਅੰਦਰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਪੁਲਿਸ ਪ੍ਰਸ਼ਾਸਨ, ਸ਼੍ਰੋਮਣੀ ਕਮੇਟੀ ਤੇ ਸੰਗਤਾਂ ਸਾਂਝੇ ਯਤਨ ਜ਼ਰੂਰੀ ਹਨ। ਇਸ ਦੌਰਾਨ ਡੀ.ਸੀ.ਪੀ. ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਉਣਾ ਸਭ ਦਾ ਸਾਂਝਾ ਫ਼ਰਜ਼ ਹੈ। ਸੰਗਤਾਂ ਦੇ ਨਾਲ-ਨਾਲ ਅੰਮ੍ਰਿਤਸਰ ਵਿਖੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਸੇਵਾ ਨਿਭਾਉਣ ਵਾਲੇ ਹਰ ਮੁਲਾਜ਼ਮ ਦਾ ਵੀ ਉਨਾ ਹੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਰਹੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਡੀ.ਸੀ.ਪੀ. ਸ. ਜਗਮੋਹਨ ਸਿੰਘ ਨੇ ਸਾਂਝੇ ਤੌਰ ‘ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਸਮੇਂ ਜਿਥੇ ਸ਼ਹਿਰ ਦੀ ਸਾਫ਼-ਸਫ਼ਾਈ ਲਈ ਅੱਗੇ ਆਉਣ, ਉਥੇ ਹੀ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਗੱਡੀਆਂ ਅੰਦਰ ਨਾ ਲਿਆਂਦੀ ਜਾਣ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਾਂ ਤੋਂ ਬਾਹਰ ਸਮਾਨ ਨਾ ਵਧਾਉਣ, ਤਾਂ ਜੋ ਸੰਗਤ ਦੀ ਆਵਾਜਾਈ ਵਿਚ ਰੁਕਾਵਟ ਨਾ ਬਣੇ। ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮਨਜਿੰਦਰ ਸਿੰਘ ਮੰਡ, ਅੰਮ੍ਰਿਤਸਰ ਦੇ ਏ.ਡੀ.ਸੀ.ਪੀ. ਸ. ਹਰਜੀਤ ਸਿੰਘ, ਏ.ਡੀ.ਸੀ.ਪੀ. ਟ੍ਰੈਫਿਕ ਜਸਵੰਤ ਕੋਰ, ਸ. ਏ.ਸੀ.ਪੀ. ਸ. ਜੀ.ਐਸ. ਸਿੱਧੂ, ਸ. ਸੁਖਵਿੰਦਰ ਸਿੰਘ ਭੱਲਾ, ਇੰਸਪੈਕਟਰ ਸ. ਸੁਖਦੇਵ ਸਿੰਘ, ਸ. ਗੁਰਮੀਤ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਸ. ਪਰਮਜੀਤ ਸਿੰਘ, ਸ. ਲਖਬੀਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ ਤੇ ਸ. ਨਿਸ਼ਾਨ ਸਿੰਘ ਮੌਜੂਦ ਸਨ।