ਸੰਗਤਾਂ ਵੱਲੋਂ ਵੱਖ-ਵੱਖ ਥਾਈਂ ਕੀਤਾ ਗਿਆ ਭਰਵਾਂ ਸਵਾਗਤ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਈ (         ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710 ਈ: ਵਿਚ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫ਼ਤਹਿ-ਏ-ਜੰਗ ਚੱਪੜਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸਜਾਇਆ ਗਿਆ ਵਿਸ਼ਾਲ ਫ਼ਤਹਿ ਮਾਰਚ ਸਰਹਿੰਦ ਫ਼ਤਹਿ ਨਾਲ ਸਬੰਧਤ ਇਤਿਹਾਸਕ ਥੇਹ ਵਿਖੇ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਸੰਪੰਨ ਹੋਇਆ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ, ਡਾ. ਦਲਜੀਤ ਸਿੰਘ ਚੀਮਾ, ਸ. ਦੀਦਾਰ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਉਥੇ ਹੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੁੱਜਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ, ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਫ਼ਤਹਿ ਮਾਰਚ ਵਿੱਚ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। ਚੱਪੜਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤਕ ਸਾਰੇ ਰਸਤੇ ਵਿਚ ਸੰਗਤ ਵੱਲੋਂ ਵੱਖ-ਵੱਖ ਥਾਈਂ ਜਿਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਉਥੇ ਸੰਗਤ ਲਈ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।

ਸ੍ਰੀ ਫਤਹਿਗੜ੍ਹ ਸਾਹਿਬ ਪੁੱਜਣ ‘ਤੇ ਫਤਹਿ ਮਾਰਚ ਦੀ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਦੀ ਖਾਲਸਾ ਫੌਜ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਦਾ ਇਤਿਹਾਸ ਲਾਸਾਨੀ ਹੈ, ਜਿਸ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਅਖਿਆ ਕਿ ਸਰਹਿੰਦ ਫਤਹਿ ਦਿਵਸ ਇੱਕ ਪ੍ਰਣ ਦਿਵਸ ਹੈ ਜਿਸ ਮੌਕੇ ਅਸੀਂ ਜਬਰ-ਜੁਲਮ ਵਿਰੁੱਧ ਖੜਨ ਦਾ ਪ੍ਰਣ ਕਰਨਾ ਹੈ।

ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਅਕਾਲੀ ਆਗੂ ਸ. ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਸ. ਸਵਿੰਦਰ ਸਿੰਘ ਸਭਰਵਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਨਾਗਰ ਸਿੰਘ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਮਾਨ ਸਿੰਘ ਦਲ ਮੜ੍ਹੀਆਂ ਵਾਲਾ ਵੱਲੋਂ ਬਾਬਾ ਵੱਸਣ ਸਿੰਘ, ਬਾਬਾ ਜੱਸਾ ਬੁੱਢਾ ਦਲ, ਬਾਬਾ ਇੰਦਰ ਸਿੰਘ, ਬਾਬਾ ਸਤਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਅਤੇ ਸ. ਹਰਜੀਤ ਸਿੰਘ ਲਾਲੂ ਘੁੰਮਣ, ਡਾਇਰੈਕਟਰ ਸਿੱਖਿਆ ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰ. ਕਸ਼ਮੀਰ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ: ਨੱਥਾ ਸਿੰਘ, ਗੁਰਦੁਆਰਾ ਦੂਖ ਨਿਵਾਰਨ ਪਟਿਆਲਾ ਦੇ ਮੈਨੇਜਰ ਸ. ਅਮਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।