ਭਾਈ ਲੌਂਗੋਵਾਲ ਵੱਲੋਂ ਕੋਰੋਨਾ ਦੌਰਾਨ ਸੰਗਤਾਂ ਨੂੰ ਘਰਾਂ ‘ਚ ਰਹਿ ਕੇ ਅਰਦਾਸ ਕਰਨ ਦੀ ਅਪੀਲ

ਅੰਮ੍ਰਿਤਸਰ, ੪ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਦੇ ਨਾਲ ਹੀ ਜੂਨ ੧੯੮੪ ਵਿਚ ਸਮੇਂ ਦੀ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਸ ਦੇ ਭੋਗ ੬ ਜੂਨ ਨੂੰ ਪੈਣਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਮੁੱਖ ਗ੍ਰੰਥੀ ਭਾਈ ਗੁਰਮੁੱਖ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸਿੱਖ ਆਗੂ ਸ. ਜਸਬੀਰ ਸਿੰਘ ਘੁੰਮਣ, ਗਿਆਨੀ ਰਵੇਲ ਸਿੰਘ, ਸ. ਹਰਜਿੰਦਰ ਸਿੰਘ ਸਾਬਕਾ ਵਧੀਕ ਮੈਨੇਜਰ ਆਦਿ ਮੌਜੂਦ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ੬ ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਘੱਲੂਘਾਰਾ ਦਿਵਸ ਦੀ ਸਾਲਾਨਾ ਯਾਦ ਮੌਕੇ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਸੰਗਤਾਂ ਘਰਾਂ ਵਿਚ ਹੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਜੂਨ ੧੯੮੪ ਦਾ ਘੱਲੂਘਾਰਾ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਮਨੁੱਖਤਾ ਵਿਰੋਧੀ ਕਰੂਰ ਕਾਰਾ ਹੈ, ਜਿਸ ਦੇ ਜ਼ਖ਼ਮ ਕਦੇ ਨਹੀਂ ਭਰ ਸਕਦੇ। ਇਸ ਘੱਲੂਘਾਰੇ ਦੀ ਯਾਦ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜਾਂਦੀ ਹੈ, ਪਰੰਤੂ ਇਸ ਵਾਰ ਪੂਰੇ ਵਿਸ਼ਵ ਵਿਚ ਫੈਲੀ ਕੋਰੋਨਾ ਮਹਾਮਾਰੀ ਕਾਰਨ ਸ਼ਹੀਦੀ ਸਮਾਗਮ ਸੰਖੇਪ ਰੂਪ ਵਿਚ ਕੀਤੇ ਜਾਣਗੇ। ਇਸ ਤੋਂ ਇਲਾਵਾ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਇਸ ਸੰਕਟਮਈ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਕੱਤਰ ਹੋਣਾ ਮੁਨਾਸਿਬ ਨਹੀਂ ਹੈ। ਇਸ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਅਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸੰਗਤਾਂ ਆਪੋ-ਆਪਣੇ ਘਰਾਂ ਅੰਦਰ ਹੀ ਗੁਰਬਾਣੀ ਪਾਠ ਕਰਕੇ ਅਰਦਾਸ ਕਰਨ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਤੇ ਘੱਲੂਘਾਰਾ ਦਿਵਸ ਮੌਕੇ ੬ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਾਵਧਾਨੀਆਂ ਵਰਤਣ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ। ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਇਸ ਵਾਰ ਘੱਲੂਘਾਰਾ ਦਿਵਸ ਦੇ ਨਾਲ-ਨਾਲ ਛੇਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਵੀ ਹੈ। ਕੋਰੋਨਾ ਕਾਰਨ ਇਸ ਮੌਕੇ ਜ਼ਿਆਦਾ ਸੰਗਤ ਇਕੱਤਰ ਨਹੀਂ ਹੋ ਸਕਦੀ ਅਤੇ ਜਿੰਨੀ ਵੀ ਸੰਗਤ ਮੌਜੂਦ ਹੋਵੇਗੀ, ਉਸ ਦੀ ਸਿਹਤ ਵਿਭਾਗ ਦੇ ਸੁਝਾਅ ਅਨੁਸਾਰ ਆਪਸੀ ਦੂਰੀ ਬਣਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੂਨ ੧੯੮੪ ਦੇ ਫ਼ੌਜੀ ਹਮਲੇ ਕਾਰਨ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਹਰ ਸਾਲ ਇਸ ਸਬੰਧ ਵਿਚ ਅਰਦਾਸ ਕੀਤੀ ਜਾਂਦੀ ਹੈ। ਇਸ ਸਮਾਗਮ ਦੌਰਾਨ ਪਾਵਨ ਦਰਬਾਰ ਦੀ ਮਰਯਾਦਾ ਦਾ ਖ਼ਿਆਲ ਅਤੇ ਸ਼ਰਧਾ ਸਤਿਕਾਰ ਜ਼ਰੂਰੀ ਹੈ। ਸੰਗਤਾਂ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿ ਕੇ ਸ਼ਰਧਾ ਸਤਿਕਾਰ ਭੇਟ ਕਰਨ। ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ੬ ਜੂਨ ਦੇ ਸਮਾਗਮਾਂ ਦੌਰਾਨ ਸੰਗਤ ਨੂੰ ਆਪਣੀ ਦੂਰੀ ਬਣਾਈ ਰੱਖਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਇਸ ਨੂੰ ਲਾਜ਼ਮੀ ਬਣਾਉਣ ਲਈ ਕਾਰਜ ਕਰਨਗੇ।
ਇਕੱਤਰਤਾ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਿਮਰਜੀਤ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਸ਼ਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਵਧੀਕ ਮੈਨੇਜਰ ਹਾਜ਼ਰ ਸਨ।