ਅੰਮ੍ਰਿਤਸਰ ੨੭ ਦਸੰਬਰ –
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮੇ ਤੋਂ ਬਾਅਦ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਪਾਵਨ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜੋ ਜ਼ਬਰ-ਜ਼ੁਲਮ ਵਿਰੁੱਧ ਅਵਾਜ਼ ਉਠਾਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਨੌਜੁਆਨਾਂ ਅਤੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਆਪਣੀ ਸਿਮਰਤੀ ਦਾ ਹਿੱਸਾ ਬਣਾ ਕੇ ਇਸ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਹਾਜ਼ਰ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਸਿਧਾਂਤਾਂ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੂਹ ਕਮੇਟੀ ਮੁਲਾਜ਼ਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੁਪਹਿਰ ੧:੦੦ ਵਜੇ ਸਮੂਹਿਕ ਰੂਪ ਵਿਚ ਅਰਦਾਸ ਕੀਤੀ ਗਈ। ਇਸ ਮੌਕੇ ਮੂਲ-ਮੰਤਰ ਅਤੇ ਵਾਹਿਗੁਰੂ ਗੁਰ-ਮੰਤਰ ਦੇ ਜਾਪ ਵੀ ਕੀਤੇ ਗਏ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਬਿਜੈ ਸਿੰਘ ਬਾਦੀਆਂ, ਦਿੱਲੀ ਕਮੇਟੀ ਤੋਂ ਸ. ਕੁਲਮੋਹਨ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ ਤੇ ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਰਾਜਿੰਦਰ ਸਿੰਘ ਅਟਾਰੀ, ਸ. ਬਘੇਲ ਸਿੰਘ ਤੇ ਸ. ਹਰਪ੍ਰੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਬੀਬੀ ਮਨਮੋਹਨ ਕੌਰ, ਸ. ਨਿਰਵੈਲ ਸਿੰਘ ਤੇ ਸ. ਗੁਰਮੀਤ ਸਿੰਘ ਮੁਕਤਸਰ, ਪ੍ਰੋ. ਸਰਚਾਂਦ ਸਿੰਘ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।