ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਥਾਂ-ਥਾਂ ਹੋਇਆ ਭਰਵਾਂ ਸਵਾਗਤ

ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ- ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ-ਮੇਲ ਦੇ ਤੀਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸਮੇਤ ਧਾਰਮਿਕ, ਰਾਜਨੀਤਕ ਤੇ ਸਮਾਜਕ ਸ਼ਖਸੀਅਤਾਂ ਦੇ ਨਾਲ ਨਾਲ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਨੇ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੀਕ ਸਜਾਇਆ ਗਿਆ, ਅਤੇ ਇਸ ਵਿਚ ਸ਼ਾਮਲ ਸੰਗਤਾਂ ਸਤਿਨਾਮ-ਵਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ‘ਤੇ ਚਾਨਣਾ ਪਾਇਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜੈਕਾਰਿਆਂ ਦੀ ਗੂੰਝ ਵਿਚ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਗੱਤਕਾ ਅਖਾੜਿਆਂ ਨੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲੇ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ਗਏ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਥੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿੰਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਜੱਸਾ ਸਿੰਘ, ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਸਵਿੰਦਰ ਸਿੰਘ ਸਭਰਵਾਲ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਜਥੇਦਾਰ ਦੀਦਾਰ ਸਿੰਘ ਭੱਟੀ, ਸ. ਸੁਰਜੀਤ ਸਿੰਘ ਰੱਖੜਾ, ਸ. ਦਰਬਾਰਾ ਸਿੰਘ ਗੁਰੂ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਸਵਰਨ ਸਿੰਘ ਚਨਾਰਥਲ, ਸ. ਗੁਰਪ੍ਰੀਤ ਸਿੰਘ ਰੰਧਾਵਾ, ਸ. ਅਮਰਇੰਦਰ ਸਿੰਘ ਲਿਬੜਾ, ਭਾਈ ਸੁਖਜੀਤ ਸਿੰਘ ਘਨੱਈਆ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਅਮਰਜੀਤ ਸਿੰਘ, ਸ. ਬਲਵਿੰਦਰ ਸਿੰਘ ਭੰਮਾਰਸੀ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਪਰਮਦੀਪ ਸਿੰਘ, ਸ. ਕਰਨੈਲ ਸਿੰਘ ਨਾਭਾ ਆਦਿ ਮੌਜੂਦ ਸਨ।

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ-ਭਾਈ ਲੌਂਗੋਵਾਲ
ਪੰਥ ਵਿਰੋਧੀ ਚਾਲਾਂ ਤੋਂ ਸੁਚੇਤ ਰਹੇ ਸਿੱਖ ਕੌਮ-ਗਿਆਨੀ ਹਰਪ੍ਰੀਤ ਸਿੰਘ

ਇਸੇ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ‘ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ ਹੈ ਅਤੇ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰੇ। ਭਾਈ ਲੌਂਗੋਵਾਲ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਨਾਲ-ਨਾਲ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਾਥ ਦੇਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਦੀ ਸ਼ਹੀਦੀ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਬਿਖੜੇ ਸਮੇਂ ਹਿੰਮਤ ਦਾ ਪੱਲਾ ਫੜ੍ਹ ਕੇ ਧਰਮ ਵਿਚ ਪਰਪੱਕ ਰਹਿਣ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਸ਼ਹੀਦੀ ਵਿਰਸੇ ‘ਤੇ ਮਾਣ ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਵਰਤਮਾਨ ਚੁਣੌਤੀਆਂ ‘ਚੋਂ ਨਿਕਲਣ ਲਈ ਕੌਮੀ ਏਕਤਾ ਤੇ ਇਕਜੁਟਤਾ ਦੀ ਵੱਡੀ ਲੋੜ ਹੈ ਅਤੇ ਇਸ ਲਈ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਇਕੱਤਰ ਹੋਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਉਨ੍ਹਾਂ ਸਮੂਹ ਧਾਰਮਿਕ ਸ਼ਖਸੀਅਤਾਂ, ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ, ਸਕੂਲਾਂ/ਕਾਲਜਾਂ ਤੇ ਪ੍ਰਸ਼ਾਸਨ ਦਾ ਇਨ੍ਹਾਂ ਸਮਾਗਮਾਂ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਦਿਆਂ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਪੰਥ ਵਿਰੋਧੀ ਲੋਕਾਂ ਦੀ ਚਾਲਾਂ ਤੋਂ ਪੰਥ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਕੁਝ ਮੁੱਠੀ ਭਰ ਲੋਕ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲੋਂ ਤੋੜਨ ਦਾ ਯਤਨ ਕਰ ਰਹੇ ਹਨ ਅਤੇ ਇਨ੍ਹਾਂ ਲੋਕਾਂ ਦਾ ਮੰਤਵ ਕੇਵਲ ਪੰਥ ਨੂੰ ਕਮਜ਼ੋਰ ਕਰਨਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਚੁਣੌਤੀਆਂ ਵਿਚੋਂ ਲੰਘਦੀ ਰਹੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਇਸ ਨੂੰ ਕੇਂਦਰੀ ਧੁਰੇ ਨਾਲੋਂ ਤੋੜਨ ਲਈ ਕਈ ਸ਼ਕਤੀਆਂ ਆਉਂਦੀਆਂ ਰਹੀਆਂ, ਪਰ ਹਰੇਕ ਨੂੰ ਮੂੰਹ ਦੀ ਖਾਣੀ ਪਈ। ਇਸ ਸਬੰਧ ਵਿਚ ਉਨ੍ਹਾਂ ਅਹਿਮਦ ਸ਼ਾਹ ਅਬਦਾਲੀ ਦਾ ਜ਼ਿਕਰ ਵੀ ਕੀਤਾ। ਸਿੰਘ ਸਾਹਿਬ ਨੇ ਨੌਜੁਆਨਾਂ ਅਤੇ ਬੱਚਿਆਂ ਅੰਦਰ ਸਿੱਖੀ ਸਰੋਕਾਰਾਂ ਦਾ ਸੰਚਾਰ ਕਰਨ ਲਈ ਮਾਪਿਆਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕੀਤਾ ਅਤੇ ਸਾਕਾ ਸਰਹੰਦ ਦਾ ਬਦਲਾ ਲੈਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਸਮੇਤ ਅਣ-ਗਿਣਤ ਸ਼ਹੀਦਾਂ ਨੂੰ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।