ਸ਼੍ਰੋਮਣੀ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਲੰਗਰ, ਰਿਹਾਇਸ਼, ਮੈਡੀਕਲ ਆਦਿ ਦੇ ਵਿਸ਼ਾਲ ਪ੍ਰਬੰਧ ਕੀਤੇ


ਸ੍ਰੀ ਫਤਹਿਗੜ੍ਹ ਸਾਹਿਬ, ੨੬ ਦਸੰਬਰ- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਜੋੜ-ਮੇਲ ਮੌਕੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ।

ਇਸ ਮੌਕੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤਾ। ਉਪਰੰਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਵਿਚਾਰ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ। ਉਨ੍ਹਾਂ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਅਤੇ ਬਾਹਰਵਾਰ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀਆਂ ਜੀਵਨੀਆਂ ਸੰਗਤਾਂ ਨੂੰ ਸਰਵਣ ਕਰਵਾਈਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਲੂਆਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਵਿਸ਼ਾਲ ਪੱਧਰ ‘ਤੇ ਲੰਗਰਾਂ, ਮੈਡੀਕਲ ਡਿਸਪੈਂਸਰੀਆਂ, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ, ਰਿਹਾਇਸ਼, ਟੈਂਟ, ਜੋੜੇ-ਘਰ, ਗਠੜੀ ਘਰ, ਟਰੈਫਿਕ ਆਦਿ ਦੇ ਪ੍ਰਬੰਧ ਕੀਤੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਡਾਇਰੈਕਟੋਰੇਟ ਵੱਲੋਂ ੨੫-੨੬ ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਆਯੋਜਿਤ ਕੀਤੇ ਗਏ। ਇਨ੍ਹਾਂ ਵਿਚ ਕਵੀਸ਼ਰੀ, ਕਵਿਤਾ, ਵਾਰ ਗਾਇਨ, ਨਾਟਕ, ਦਸਤਾਰਬੰਦੀ, ਦੁਮਾਲਾਬੰਦੀ, ਪੇਂਟਿੰਗ, ਧਾਰਮਿਕ ਨਿਬੰਦ ਲੇਖਨ ਦੇ ਨਾਲ ਨਾਲ ਗੱਤਕੇ ਦੀ ਪ੍ਰਦਰਸ਼ਨੀ ਵਿਚ ਵੀ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੇ ਸੰਗਤਾਂ ਨਾਲ ਗੁਰੂ ਪਾਤਸ਼ਾਹ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤਕ ਦੇ ਇਤਿਹਾਸ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ, ਰਹਿਤ-ਬਹਿਤ ਅਤੇ ਅੰਮ੍ਰਿਤ ਦੇ ਧਾਰਨੀ ਹੋਣ ਲਈ ਵਾਤਾਵਰਣ ਸਿਰਜਣ। ਇਸ ਮੌਕੇ ਧਾਰਮਿਕ ਸਟੇਜ ਦੀ ਸੇਵਾ ਸ. ਰਵਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਨਿਭਾਈ।
ਸ਼ਹੀਦੀ ਜੋੜ ਮੇਲ ਦੌਰਾਨ ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਤਰਨ ਤਾਰਨ, ਬਠਿੰਡਾ, ਲੁਧਿਆਣਾ, ਮਾਨਸਾ, ਲੌਂਗੋਵਾਲ, ਬਰਨਾਲਾ, ਰਾਜਪੁਰਾ, ਜਲੰਧਰ, ਮੰਡੀ ਗੋਬਿੰਦਗੜ੍ਹ, ਸਰਹਿੰਦ, ਹੁਸ਼ਿਆਰਪੁਰ, ਰੋਪੜ, ਚੰਡੀਗੜ੍ਹ, ਮੋਹਾਲੀ, ਅਸੰਧ, ਯਮੁਨਾਨਗਰ, ਕੈਥਲ, ਕਰਨਾਲ ਤੇ ਕੁਰੂਕਸ਼ੇਤਰ (ਹਰਿਆਣਾ), ਦਿੱਲੀ, ਆਦਿ ਜ਼ਿਲ੍ਹਿਆਂ ਅਤੇ ਵੱਖ-ਵੱਖ ਸਭਾ-ਸੁਸਾਇਟੀਆਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਿਸਟੋਲ ਇੰਗਲੈਂਡ ਵੱਲੋਂ ੩੦੦ ਤੋਂ ਵੱਧ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਇਸੇ ਤਰ੍ਹਾਂ ਵੱਖ-ਵੱਖ ਸਭਾ-ਸੁਸਾਇਟੀਆਂ ਵੱਲੋਂ ਜੋੜਾ-ਘਰ, ਗਠੜੀ ਘਰ ਦੀ ਸੇਵਾ ਕੀਤੀ ਗਈ। ਵੱਡੀ ਗਿਣਤੀ ਵਿਚ ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪੁਸਤਕਾਂ ਦੇ ਸਟਾਲ ਵੀ ਲਗਾਏ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਿਸੇ ਵਿਸ਼ੇਸ਼ ਜਮਾਤ ਲਈ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਦਸਮੇਸ਼ ਪਿਤਾ ਦੇ ਵੱਡੇ ਸਪੁੱਤਰਾਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਨੇ ਧਰਮ ਯੁੱਧ ਵਿਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਥੇ ਹੀ ਛੋਟੇ ਸਾਹਿਬਜ਼ਾਦਿਆਂ ਨੇ ੭ ਤੇ ੯ ਸਾਲ ਦੀ ਉਮਰ ਵਿਚ ਮੁਗਲਾਂ ਵੱਲੋਂ ਦਿੱਤੇ ਗਏ ਖੌਫਨਾਕ ਡਰਾਵੇ, ਐਸ਼ੋ-ਆਰਾਮ ਦੇ ਲਾਲਚਾਂ ਨੂੰ ਨਕਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਧਰਮ ਪ੍ਰਪੱਕਤਾ ਦੀ ਬੇਮਿਸਾਲ ਉਦਾਹਰਨ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵੈਰਗਮਈ ਹੁੰਦਿਆਂ ਵੀ ਅਨੋਖਾ ਅਧਿਆਤਮਕ ਵੇਗ ਪੈਦਾ ਕਰਦੀ ਹੈ। ਸ. ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼ਹੀਦੀ ਜੋੜ-ਮੇਲ ਦੌਰਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਨਿੱਕੀਆਂ ਜਿੰਦਾਂ ਵੱਡੇ ਸਾਕੇ ਸਚਿਤ੍ਰ ਪੁਸਤਕ ਹਜ਼ਾਰਾਂ ਦੀ ਗਿਣਤੀ ਵਿਚ ਵੰਡੀ ਗਈ। ਇਸ ਦੇ ਨਾਲ ਹੀ ਤਿੰਨ ਵੀਡੀਓ ਵੈਨਾਂ ਵੀ ਸੰਗਤਾਂ ਦੀ ਸੇਵਾ ਵਿਚ ਲਗਾਈਆਂ ਗਈਆਂ ਜੋ ਪਿਛਲੇ ਕਈ ਦਿਨਾਂ ਤੋਂ ਸਿੱਖੀ ਨਾਲ ਸਬੰਧਤ ਫਿਲਮਾਂ ਰਾਹੀਂ ਧਰਮ ਪ੍ਰਚਾਰ ਕਰ ਰਹੀਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ ਤੇ ਸ. ਦਿਦਾਰ ਸਿੰਘ ਭੱਟੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ, ਵਧੀਕ ਸਕੱਤਰ ਮੀਡੀਆ ਸ. ਦਿਲਜੀਤ ਸਿੰਘ ਬੇਦੀ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਕੇਵਲ ਸਿੰਘ, ਸਾਬਕਾ ਸਕੱਤਰ ਸ. ਦਲਮੇਘ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਡਾ. ਜਸਬੀਰ ਸਿੰਘ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਪ੍ਰਭਜੀਤ ਸਿੰਘ, ਡਾ. ਧਰਮਿੰਦਰ ਸਿੰਘ ਉਭਾ, ਡਾ. ਕਸ਼ਮੀਰ ਸਿੰਘ, ਸ. ਪਰਮਦੀਪ ਸਿੰਘ, ਪ੍ਰਿੰਸੀਪਲ ਸੁਖਦੇਵ ਸਿੰਘ, ਸ. ਬਿਕਰਮਜੀਤ ਸਿੰਘ, ਮੈਨੇਜਰ ਸ. ਜਸਬੀਰ ਸਿੰਘ ਅਤੇ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ।