ਸੰਗਤਾਂ ਨੂੰ ਸਮੇਂ-ਸਮੇਂ ਬਿਜਲੀ ਉਪਕਰਣਾਂ ਦੇ ਨਰੀਖਣ ਦੀ ਕੀਤੀ ਅਪੀਲ
ਅੰਮ੍ਰਿਤਸਰ, 31 ਮਾਰਚ-
ਜਗਰਾਉਂ ਵਿਖੇ ਗੁਰਦੁਆਰਾ ਅਜੀਤਸਰ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਪੱਖੇ ਦੀਆਂ ਤਾਰਾਂ ’ਚ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।