ਅੰਮ੍ਰਿਤਸਰ 8 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਇੱਕ ੪੧ ਸਾਲਾ ਸਿੱਖ ‘ਤੇ ਕੁਝ ਵਿਅਕਤੀਆਂ ਵੱਲੋਂ ਕੇਸ ਕਤਲ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਕਿ ਸ਼੍ਰ: ਮਾਨ ਸਿੰਘ ਖਾਲਸਾ ਨਾਮ ਦਾ ਵਿਅਕਤੀ ਜਦ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ ਤਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਸ ਦੀ ਕਾਰ ਤੇ ਬੀਅਰ ਸੁੱਟੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਉਸ ਦਾ ਪਿੱਛਾ ਕਰਕੇ ਉਸ ਦੀ ਦਸਤਾਰ ਤੇ ਚਿਹਰੇ ਤੇ ਸੱਟਾਂ ਮਾਰੀਆਂ ਗਈਆਂ ਤੇ ਚਾਕੂ ਨਾਲ ਉਸ ਦੇ ਕੇਸ ਕਤਲ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਕਰਨ ਵਾਲੀ ਕੌਮ ਹੈ ਤੇ ਇਹ ਕਿਸੇ ਨਾਲ ਵੈਰ ਵਿਰੋਧ ਨਹੀਂ ਰੱਖਦੀ। ਪਰ ਪਿਛਲੇ ਕਾਫ਼ੀ ਸਮੇਂ ਤੋਂ ਸਿੱਖਾਂ ਤੇ ਨਸਲੀ ਹਮਲੇ ਕੀਤੇ ਜਾ ਰਹੇ ਹਨ ਜੋ ਬੇਹੱਦ ਅਫ਼ਸੋਸ ਯੋਗ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਅਗਰ ਸਿੱਖਾਂ ਦੀ ਪਹਿਚਾਣ ਬਾਰੇ ਭਰਮ ਭੁਲੇਖੇ ਪਾਏ ਜਾ ਰਹੇ ਹਨ ਤਾਂ ਉਨ੍ਹਾਂ ਦੀ ਅਗਿਆਨਤਾ ਦਾ ਕਾਰਣ ਹਨ। ਉਨ੍ਹਾਂ ਅਮਰੀਕਾ ਵਿੱਚ ਰਹਿ ਰਹੇ ਸਿੱਖ ਸਮੁਦਾਏ ਦੇ ਲੋਕਾਂ, ਗੁਰਦੁਆਰਾ ਪ੍ਰਬੰਧਕ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਸਿੱਖ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਓਥੋਂ ਦੀ ਸਰਕਾਰ ਨਾਲ ਰਾਫ਼ਤਾ ਕਾਇਮ ਕਰਕੇ ਸਿੱਖਾਂ ਦੀ ਪਹਿਚਾਣ ਬਾਰੇ ਜਾਣਕਾਰੀ ਦੇਣ ਤੇ ਉਨ੍ਹਾਂ ਬਾਰੇ ਪਾਏ ਜਾ ਰਹੇ ਭਰਮ ਭੁਲੇਖੇ ਦੂਰ ਕਰਨ। ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਛਾਪੇ ਗਏ ਸਿੱਖਾਂ ਦੀ ਪਹਿਚਾਣ ਬਾਰੇ ਦਸਤਾਵੇਜ਼ ਵਿਦੇਸ਼ਾਂ ਦੀਆਂ ਅੰਬੈਸੀਆਂ ਨੂੰ ਸੌਂਪੇ ਜਾਣਗੇ ਤਾਂ ਜੋ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਬਾਰੇ ਓਥੋਂ ਦੇ ਬਾਸ਼ਿੰਦਿਆਂ ਨੂੰ ਪਹਿਚਾਣ ਹੋ ਸਕੇ। ਉਨ੍ਹਾਂ ਅਮਰੀਕਾ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਤੋਂ ਜਲਦ ਇਨ੍ਹਾਂ ਸ਼ਰਾਰਤੀ ਅਨਸਰਾਂ ਦਾ ਪਤਾ ਲਗਾ ਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ।