ਅੰਮ੍ਰਿਤਸਰ 27 ਜੂਨ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਗਤਾ ਭਾਈਕਾ ਵਿਖੇ ਕਿਸੇ ਸਿਰਫਿਰੇ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੀ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਤੇ ਅਫ਼ਸੋਸ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਬ ਸਾਂਝੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਿਨੋ ਦਿਨ ਵਧ ਰਹੀ ਹੈ ਤੇ ਸਰਕਾਰਾਂ ਅਤੇ ਪੁਲੀਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।ਉਨ੍ਹਾਂ ਕਿਹਾ ਕਿ ਜਦ ਵੀ ਇਹੋ ਜਿਹੀ ਘਟਨਾ ਵਾਪਰਦੀ ਹੈ ਤਾਂ ਪੁਲੀਸ ਦਾ ਇੱਕੋ ਹੀ ਬਿਆਨ ਹੁੰਦਾ ਹੈ ਕਿ ਅਣਪਛਾਤੇ ਵਿਅਕਤੀਆਂ ਤੇ ਧਾਰਾ ੨੯੫-ਏ ਦਾ ਪਰਚਾ ਦਰਜ ਕਰ ਦਿੱਤਾ ਗਿਆ ਹੈ, ਪਰ ਇਹ ਵਿਅਕਤੀ ਹਮੇਸ਼ਾਂ ਅਣਪਛਾਤੇ ਹੀ ਰਹਿ ਜਾਂਦੇ ਹਨ।ਉਨ੍ਹਾਂ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਗਰ ਇਹੋ ਹਾਲ ਹੀ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਮਸਾਂ-ਮਸਾਂ ਸੰਭਲਿਆ ਪੰਜਾਬ ਦਾ ਸ਼ਾਂਤ ਮਾਹੌਲ ਫਿਰ ਤੋਂ ਭਿਆਨਕ ਜਵਾਲਾ ਵਿੱਚ ਬਦਲ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੁਰਾਨ-ਏ-ਪਾਕ ਦੀ ਵੀ ਬੇਅਦਬੀ ਹੋ ਚੁੱਕੀ ਹੈ ਤੇ ਹੁਣ ਕਿਸੇ ਵੱਲੋਂ ਸ਼ਰਮਨਾਕ ਹਰਕਤ ਕਰਦਿਆਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਤੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਆਰ ਐਸ ਐਸ ਜਿੰਦਾਬਾਦ ਲਿਖਿਆ ਗਿਆ ਹੈ ਤੇ ਹੋਰ ਵੀ ਭੱਦੀ ਸ਼ਬਦਾਵਲੀ ਵਰਤੀ ਗਈ ਹੈ।
ਉਨ੍ਹਾਂ ਕਿਹਾ ਕਿ ਕੋਈ ਨਾ ਕੋਈ ਤਾਂ ਤਾਕਤ ਹੈ ਜੋ ਇਸ ਤਰ੍ਹਾਂ ਕਰਕੇ ਆਪਸੀ ਭਾਈਚਾਰਕ ਸਾਂਝ ਨੂੰ ਖਤਮ ਕਰਕੇ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਾਉਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰਾਂ ਸੁੱਤੀਆਂ ਰਹੀਆਂ ਤਾਂ ਭਵਿੱਖ ਵਿੱਚ ਇਸ ਤੋਂ ਨਿਕਲਣ ਵਾਲੇ ਨਤੀਜੇ ਬਹੁਤ ਭਿਆਨਕ ਹੋ ਜਾਣਗੇ, ਜੋ ਹੱਸਦੇ-ਵੱਸਦੇ ਪੰਜਾਬ ਨੂੰ ਫਿਰ ਤੋਂ ਪਹਿਲਾਂ ਵਾਲੀ ਸਥਿਤੀ ਵਿੱਚ ਲਿਆ ਖੜਾ ਕਰ ਦੇਣਗੇ।ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨਾਜੁਕ ਦੌਰ ਵਿੱਚ ਸਮਝਦਾਰੀ ਤੇ ਸ਼ਾਂਤੀ ਤੋਂ ਕੰਮ ਲੈਣ ਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ।ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਲੀਸ ਤੇ ਕਰਾਈਮ ਏਜੰਸੀਆਂ ਰਾਹੀਂ ਜਲਦ ਤੋਂ ਜਲਦ ਐਸੇ ਵਿਅਕਤੀ ਜੋ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ ਉਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।