asinghਅੰਮ੍ਰਿਤਸਰ 11 ਮਾਰਚ (          ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਮੰਤਰੀ ਮੰਡਲ ਦੀ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਨੂੰ ਪ੍ਰਵਾਨਗੀ ਦੇਣ ਦਾ ਸਵਾਗਤ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਜਿਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਨੂੰ ਸਿੱਖਾਂ ਦੀ ਮੁੱਢਲੀ ਪਹਿਚਾਣ ਸਬੰਧੀ ਜਾਣੂੰ ਕਰਵਾ ਕੇ ਇਹ ਫੈਸਲਾ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ।

ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਜੋ 1966 ਦੇ ਪੰਜਾਬ ਪੁਨਰਗਠਨ ਐਕਟ ਅਨੁਸਾਰ ਅੰਤਰਰਾਜੀ ਐਕਟ ਬਣ ਗਿਆ ਸੀ ਉਸ ਵਿੱਚ ਕੇਂਦਰੀ ਗ੍ਰਹਿ ਵਿਭਾਗ ਵੱਲੋਂ 8 ਅਕਤੂਬਰ 2003 ਵਿੱਚ ਸਹਿਜਧਾਰੀਆਂ ਦੀ ਵੋਟ ਖ਼ਤਮ ਕਰਨ ਸਬੰਧੀ ਤਰਮੀਮ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਦੇ ਆਧਾਰ ਤੇ ਗੁਰਦੁਆਰਾ ਚੋਣਾਂ ਦਾ ਅਮਲ ਸਿਰੇ ਚੜਿਆ ਸੀ, ਪਰ ਇਸ ਨੋਟੀਫਿਕੇਸ਼ਨ ਨੂੰ ਸੰਸਦ ਤੋਂ ਪ੍ਰਵਾਨਗੀ ਨਾ ਹੋਣ ਕਾਰਨ ਕੁਝ ਲੋਕਾਂ ਵੱਲੋਂ ਇਸ ਨੂੰ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।ਹੁਣ ਕੇਂਦਰੀ ਮੰਤਰੀ ਮੰਡਲ ਵੱਲੋਂ ਨੋਟੀਫਿਕੇਸ਼ਨ ਹੋਣ ਦੇ ਸਮੇਂ ਤੋਂ ਹੀ ਇਸ ਨੂੰ ਪ੍ਰਵਾਨਗੀ ਦੇਣੀ ਸਵਾਗਤਯੋਗ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਉਂਕਿ ਸਿੱਖ ਸੰਸਥਾ ਹੈ ਅਤੇ ਇਸ ਦੇ ਨੁਮਾਇੰਦੇ ਚੁਣਨ ਦਾ ਅਧਿਕਾਰ ਵੀ ਕੇਵਲ ਸਿੱਖਾਂ ਪਾਸ ਹੀ ਹੋਣਾ ਚਾਹੀਦਾ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਨੂੰ ਸੰਸਦ ਵਿੱਚ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਉਣ ਦੀ ਅਪੀਲ ਕੀਤੀ।