ਅੰਮ੍ਰਿਤਸਰ 10 ਜੁਲਾਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਗਵਰਨਰ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਧਰਮ ਰੱਖਿਅਕ, ਹਿੰਦ ਦੀ ਚਾਦਰ ਨੌਵੇਂ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਰਾਸ਼ਟਰੀ ਪੱਧਰ ‘ਤੇ ਮਨਾਉਣ ਲਈ ਪੱਤਰ ਲਿਖਿਆ ਹੈ।
ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ੫੦੦ ਦੇ ਕਰੀਬ ਬ੍ਰਾਹਮਣਾਂ ਨੇ ਉਸ ਵੇਲੇ ਦੇ ਮੁਗਲ ਸ਼ਾਸਕ ਔਰੰਗਜ਼ੇਬ ਖਿਲਾਫ਼ ਸ਼ਿਕਾਇਤ ਕੀਤੀ ਕਿ ਉਹ ਹਿੰਦੂਆਂ ਦੇ ਜਨੇਊ ਉਤਾਰ ਕੇ ਉਨ੍ਹਾਂ ਨੂੰ ਜਬਰੀ ਮੁਸਲਮਾਨ ਬਣਾਈ ਜਾ ਰਿਹਾ ਹੈ। ਇਸ ਤੇ ਗੁਰੂ ਜੀ ਨੇ ਕਿਹਾ ਕਿ ਜਾਓ ਔਰੰਗਜ਼ੇਬ ਨੂੰ ਜਾ ਕੇ ਕਹਿ ਦਿਓ ਕਿ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਧਰਮ ਤਬਦੀਲ ਕਰੇ ਫੇਰ ਅਸੀਂ ਮੁਸਲਮਾਨ ਬਣ ਜਾਵਾਂਗੇ।ਔਰੰਗਜ਼ੇਬ ਨੇ ਗੁਰੂ ਜੀ ਨੂੰ ਬਹੁਤ ਲਾਲਚ ਅਤੇ ਡਰਾਵੇ ਵੀ ਦਿੱਤੇ ਪਰ ਉਹ ਬਿਲਕੁਲ ਨਾ ਡੋਲੇ। ਉਨ੍ਹਾਂ ਕਿਹਾ ਕਿ ਇਸ ਤੇ ਔਰੰਗਜ਼ੇਬ ਦੇ ਹੁਕਮ ਅਨੁਸਾਰ ਉਨ੍ਹਾਂ ਦੇ ਸਾਥੀ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਚੀਰਿਆ ਗਿਆ, ਭਾਈ ਸਤੀ ਦਾਸ ਜੀ ਨੂੰ ਅੱਗ ਵਿੱਚ ਸਾੜ ਦਿੱਤਾ ਗਿਆ ਤੇ ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਬਿਠਾ ਕੇ ਸ਼ਹੀਦ ਕਰ ਦਿੱਤਾ ਗਿਆ।ਪਰ ਗੁਰੂ ਜੀ ਅਡੋਲ ਚਿੱਤ ਰਹੇ ਤਾਂ ਇਸ ਤੇ ਜ਼ਾਲਮ ਔਰੰਗਜੇਬ ਨੇ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੂੰ ਸ਼ਹੀਦ ਕਰ ਦਿੱਤਾ। ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਤੇ ਆਪਣੇ ਸਾਥੀਆਂ ਦਾ ਬਲੀਦਾਨ ਦੇ ਕੇ ਤਿਲਕ ਜੰਝੂ ਦੀ ਰਾਖੀ ਕੀਤੀ ਤੇ ਹਿੰਦੂ ਧਰਮ ਨੂੰ ਬਚਾਇਆ। ਉਨ੍ਹਾਂ ਕਿਹਾ ਕਿ ਐਸੇ ਪਰਉਪਕਾਰੀ ਸਿੱਖ ਗੁਰੂ ਦਾ ਸ਼ਹੀਦੀ ਦਿਹਾੜਾ ਹਰ ਸਾਲ ੧੫ ਨਵੰਬਰ ਨੂੰ ਰਾਸ਼ਟਰੀ ਪੱਧਰ ਤੇ ਮਨਾਇਆ ਜਾਣਾ ਲਾਜ਼ਮੀ ਹੈ ਤਾਂ ਕਿ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਦਾ ਸੰਦੇਸ਼ ਸੰਸਾਰ ਭਰ ਵਿੱਚ ਪਹੁੰਚੇ।