ਅੰਮ੍ਰਿਤਸਰ, ੩ ਮਈ- ਸਿੱਖ ਕੌਮ ਦੇ ਮਹਾਨ ਜਰਨੈਲ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਸਰੀ ਜਨਮ ਸ਼ਤਾਬਦੀ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਥੇਦਾਰ ਆਹਲੂਵਾਲੀਆ ਦੇ ਯਾਦਗਾਰੀ ਅਸਥਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਕਮਲਦੀਪ ਸਿੰਘ ਅਤੇ ਭਾਈ ਜਗਰੂਪ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਸਿੰਘ ਭਾਈ ਰਾਜਦੀਪ ਸਿੰਘ ਨੇ ਕੀਤੀ। ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਵੱਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਪਾਏ ਯੋਗਦਾਨ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਯੋਧੇ ਜਰਨੈਲਾਂ ਦੇ ਜੀਵਨ ਤੋਂ ਅਜੋਕੀ ਨੌਜੁਆਨੀ ਨੂੰ ਜਾਣੂ ਕਰਵਾਉਣਾ ਜ਼ਰੁਰੀ ਹੈ ਤਾਂ ਜੋ ਉਨ੍ਹਾਂ ਅੰਦਰ ਕੌਮਪ੍ਰਸਤੀ ਦੀ ਭਾਵਨਾ ਪੈਦਾ ਹੋ ਸਕੇ। ਉਨ੍ਹਾਂ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ੩੦੦ ਸਾਲਾ ਜਨਮ ਦਿਹਾੜੇ ਦੀ ਵਧਾਈ ਵੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ੯੬ ਕਰੋੜੀ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਪਹੁੰਚੀਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਤਰਸੇਮ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਾ ਸਿੰਘ, ਡਾ. ਧਰਮਵੀਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ ਵੱਲੋਂ ਸ. ਗੁਰਪ੍ਰੀਤ ਸਿੰਘ ਕਲਕੱਤਾ, ਸ. ਪ੍ਰਦੀਪ ਸਿੰਘ ਵਾਲੀਆ, ਸ. ਜਗਦੀਸ਼ ਸਿੰਘ ਵਾਲੀਆ, ਸ. ਅਜੀਤਪਾਲ ਸਿੰਘ ਵਾਲੀਆ, ਜਗੀਰਦਾਰ ਜਸਪ੍ਰੀਤ ਸਿੰਘ ਵਾਲੀਆ, ਪ੍ਰੋਫੈਸਰ ਜਗਜੀਤ ਸਿੰਘ, ਸ. ਗੁਰਜੋਤ ਸਿੰਘ, ਸ. ਭੁਪਿੰਦਰ ਸਿੰਘ, ਸ. ਹਰਿੰਦਰ ਸਿੰਘ ਸਮੇਤ ਸੰਗਤਾਂ ਮੌਜੂਦ ਸਨ।