ਅੰਮ੍ਰਿਤਸਰ, ੦੧ ਮਈ – ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਹਿ ਚੁੱਕੇ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਸੁਲਤਾਨ-ਉਲ-ਕੌਮ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਸਰੀ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੩ ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਸਿੱਖ ਕੌਮ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ, ਦਿੱਲ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸੰਗਤਾਂ ਦੇ ਸਹਿਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਤੋਂ ਇਲਾਵਾ ਦਿੱਲੀ ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ ਵੀ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ੩ ਮਈ ਨੂੰ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਰਾਇ ਸਿੰਘ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖ ਕੌਮ ਦੇ ਮਹਾਨ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ, ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸੁਰਜੀਤ ਸਿੰਘ ਸਭਰਾ ਅਤੇ ਢਾਡੀ ਭਾਈ ਪੂਰਨ ਸਿੰਘ ਅਰਸ਼ੀ ਤੇ ਭਾਈ ਗੁਰਿੰਦਰਪਾਲ ਸਿੰਘ ਬੈਂਕਾ ਦਾ ਕਵੀਸ਼ਰੀ ਜਥੇ ਵੱਲੋਂ ਗੁਰਮਤਿ ਵਿਚਾਰਾਂ ਅਤੇ ਗੁਰ-ਇਤਿਹਾਸ ਸਾਂਝਾ ਕੀਤਾ ਜਾਵੇਗਾ।