ਅੰਮ੍ਰਿਤਸਰ, ੨੮ ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਅੱਧੇ ਦਿਨ ਲਈ ਬੰਦ ਕਰ ਦਿੱਤੇ ਗਏ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਕੁਝ ਦਿਨ ਜ਼ੇਰੇ ਇਲਾਜ਼ ਰਹਿਣ ਤੋਂ ਬਾਅਦ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਥੇਦਾਰ ਕਾਲਾਬੂਲਾ ਦੇ ਚਲਾਣਾ ਕਰ ਜਾਣ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਅੱਜ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਡੂੰਘੇ ਅਫ਼ਸੋਸ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਜਥੇਦਾਰ ਕਾਲਬੂਲਾ ਨਿੱਘੇ ਤੇ ਮਿਲਾਪੜੇ ਸੁਭਾਅ ਦੇ ਵਿਅਕਤੀ ਸਨ ਅਤੇ ਉਹ ਹਮੇਸ਼ਾਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿਚ ਸਹਿਯੋਗੀ ਭੂਮਿਕਾ ਨਿਭਾਉਂਦੇ ਸਨ।