ਟਰੂਡੋ ਦੇ ਸੁਰੱਖਿਆ, ਪ੍ਰੋਟੋਕੋਲ ਤੇ ਹਾਈ ਕਮਿਸ਼ਨ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ


ਅੰਮ੍ਰਿਤਸਰ ੨੦ ਫ਼ਰਵਰੀ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਭਲਕੇ ੨੧ ਫ਼ਰਵਰੀ ਨੂੰ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਅਤੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮਦ ਨੂੰ ਲੈ ਕੇ ਸਾਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਆਮਦ ਸਮੇਂ ਸੁਰੱਖਿਆ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤੇ ਗਏ ਹਨ, ਪਰ ਇਸ ਮੌਕੇ ‘ਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਸਤਿਕਾਰ ਲਈ ਸਹਿਯੋਗ ਕੀਤਾ ਜਾਵੇ ਤਾਂ ਜੋ ਉਹ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਣ।
ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਪ੍ਰਸ਼ਾਨਿਕ ਅਧਿਕਾਰੀਆਂ ਅਤੇ ਜਸਟਿਨ ਟਰੂਡੋ ਦੇ ਕਾਫ਼ਲੇ ਵਿਚ ਸ਼ਾਮਲ ਅਗਾਊਂ ਟੀਮ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੁਲਾਕਾਤ ਵੀ ਕੀਤੀ। ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੁਰੱਖਿਆ, ਪਰੋਟੋਕੋਲ ਅਤੇ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਹਲਾ ਅਧਿਕਾਰੀਆਂ ਦੀ ਹਾਜ਼ਰੀ ਵਿਚ ਅੱਜ ਅਗਾਊਂ ਅਭਿਆਸ ਵੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੁਰੱਖਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਡਾ. ਰੂਪ ਸਿੰਘ ਅਨੁਸਾਰ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੁਰੱਖਿਆ, ਪ੍ਰੋਟੋਕੋਲ ਅਧਿਕਾਰੀਆਂ ਅਤੇ ਹਾਈ ਕਮਿਸ਼ਨ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਵੇਗੀ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉਚੇਚੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ।