ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੪ ਜੇਠ (ਸੰਮਤ ੫੫੭ ਨਾਨਕਸ਼ਾਹੀ) ੬ ਜੂਨ, ੨੦੨੫ (ਅੰਗ: ੬੧੪)


1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਅੰਮ੍ਰਿਤਸਰ, 2 ਜੂਨ-
ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੇਵਾ ਨਿਭਾਈ।
ਗਿਆਨੀ ਕੇਵਲ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੌਮ ਸਿੱਖਾਂ ’ਤੇ ਹੋਏ ਇਸ ਅੱਤਿਆਚਾਰ ਨੂੰ ਕਦੇ ਵੀ ਭੁਲਾ ਨਹੀਂ ਸਕਦੀ।
ਇਸ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਦੀ ਸਰਕਾਰ ਵੱਲੋਂ ਕੀਤੇ ਗਏ ਵਹਿਸ਼ੀਆਣਾ ਹਮਲੇ ਨੂੰ ਕੌਮ ਹਮੇਸ਼ਾਂ ਯਾਦ ਰੱਖੇਗੀ। ਇਸੇ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਰਕਾਰ ਦੇ ਜ਼ੁਲਮਾਂ ਤੋਂ ਜਾਣੂ ਕਰਵਾਉਣ ਲਈ ਜਿਥੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਘੱਲੂਘਾਰੇ ਨਾਲ ਸਬੰਧਤ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਲਗਾਈ ਗਈ ਪ੍ਰਦਰਸ਼ਨੀ ਵਿਚ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਹਨ, ਜੋ ਸਰਕਾਰ ਵੱਲੋਂ ਕੀਤੇ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਲੈ ਕੇ ਸ਼ਾਮ 7 ਵਜੇ ਤੱਕ ਦਰਸ਼ਨ ਕਰਵਾਏ ਜਾਣਗੇ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਪ੍ਰਦਰਸ਼ਨੀ ਜਾਰੀ ਰਹੇਗੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਵਿੰਦਰਪਾਲ ਸਿੰਘ ਕਾਦੀਆਂ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਤਰਸੇਮ ਸਿੰਘ, ਭਾਈ ਗੁਰਵਿੰਦਰ ਸਿੰਘ ਖੋਦੇਬੇਟ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।